ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਪ੍ਰਸ਼ੰਸਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਸ਼ੁਕਰੀਆ ਅਦਾ ਕੀਤਾ ਹੈ।
ਆਪਣੇ ਫੇਸਬੁੱਕ ਪੰਨੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਸ਼ੁਕਰੀਆ ਅਦਾ ਕਰਦੇ ਹਨ, ਜੋ ਉਨ੍ਹਾਂ ਨੇ ਆਪਣੇ ਹਸਪਤਾਲ ਤੇ ਸਰਾਵਾਂ, ਕੋਰੋਨਾ ਵਾਇਰਸ ਦੇ ਸ਼ਿਕਾਰ ਮਰੀਜ਼ਾਂ ਦੇ ਇਲਾਜ ਲਈ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ 'ਚ ਅਸੀਂ ਸਾਰੇ ਇਕੱਠੇ ਹਾਂ ਤੇ ਯਕੀਨ ਇੱਕਜੁਟਤਾ ਨਾਲ ਅਸੀਂ ਇਸ 'ਤੇ ਜਿੱਤ ਹਾਸਲ ਕਰ ਲਵਾਂਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੋਰੋਨਾ ਵਾਇਰਸ ਦੀ ਭਿਅਾਨਕਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਵੱਖਰੀ ਵਾਰਡ ਬਣਾਉਣ ਦਾ ਅੈਲਾਨ ਕੀਤਾ ਸੀ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵੀ ਲੋੜ ਪੈਣ ਤੇ ਸਰਕਾਰ ਤੇ ਸਿਹਤ ਵੋਭਾਗ ਨੂੰ ਦੇਣ ਲਈ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਾਂ ਇਥੋਂ ਤੱਕ ਪੇਸ਼ਕਸ਼ ਕੀਤੀ ਹੈ ਕਿ ਜੇਕਰ ਲੋੜ ਹੋਵੇ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ ਸਾਹਿਬ ਵਿਖੇ ਵੀ ਮਰੀਜਾਂ ਨੂੰ ਇਕਾਂਤਵਾਸ ਰੱਖਣ ਲਈ ਪ੍ਰਬੰਧ ਕੀਤੇ ਜਾਣਗੇ।
ਇਹ ਵੀ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦ ਦੇ ਮੱਦੇਨਜਰ ਡਿਊਟੀ ਦੇ ਰਹੇ ਵੱਖ ਵੱਖ ਮੁਲਾਜਮਾਂ ਤੇ ਲੋੜਵੰਦਾਂ ਲਈ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਉਪਰਾਲਿਆਂ ਨੂੰ ਲੈ ਕੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸੰਸਥਾ ਦੀ ਪ੍ਰਸੰਸਾ ਕੀਤੀ ਹੈ।