ਅਗਲੀ ਕਹਾਣੀ

ਕੈਪਟਨ ਅਮਰਿੰਦਰ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਤਿਆਰ ਰਹਿਣ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਤਿ ਚੋਕਸ ਰਹਿਣ ਅਤੇ ਸੰਕਟ ਦੀ ਹਰੇਕ ਹਾਲਤ ਨਾਲ ਨਿਪਟਣ ਵਾਸਤੇ ਤਿਆਰ ਰਹਿਣ ਲਈ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਾਇਦਾਦ ਅਤੇ ਪਸ਼ੂਧਨ ਦੀ ਸੁਰੱਖਿਆ ਲਈ ਵੀ ਢੁਕਵੇਂ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਹੈ।

 

ਨਿੱਜੀ ਤੌਰ 'ਤੇ ਸਥਿਤੀ 'ਤੇ ਨਿਗਰਾਨੀ ਰੱਖ ਰਹੇ ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਨ ਨਿਪਟਣ ਲਈ ਤਿਆਰ ਰਹਿਣ ਅਤੇ ਅਤਿ ਚੌਕਸੀ ਵਰਤਣ ਲਈ ਆਖਿਆ ਹੈ। ਮੁੱਖ ਮੰਤਰੀ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਇਲਾਕਿਆਂ ਦੇ ਪ੍ਰਸ਼ਾਸਕੀ ਅਤੇ ਹੋਰ ਵਿਭਾਗਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਨੇ ਪਟਿਆਲਾ, ਬਠਿੰਡਾ, ਸੰਗਰੂਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਨਿੱਜੀ ਤੌਰ 'ਤੇ ਫੋਨ ਕਰਕੇ ਇਨ੍ਹਾਂ ਜ਼ਿਲ੍ਹਿਆਂ ਦੀ ਜ਼ਮੀਨੀ ਹਕੀਕਤਾਂ ਦੀ ਜਾਣਕਾਰੀ ਹਾਸਲ ਕੀਤੀ।

 

ਕੈਪਟਨ ਅਮਰਿੰਦਰ ਸਿੰਘ ਫਲੱਡ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਅਤੇ ਸਮਰਪਿਤ ਹੈਲਪਲਾਈਨ ਸ਼ੁਰੂ ਕਰਨ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਤਾਂ ਜੋ ਸੂਬਾ ਹੈਡ ਕੁਆਟਰ ਦੇ ਨਾਲ ਵੱਖ-ਵੱਖ ਪੱਧਰਾਂ 'ਤੇ ਤੁਰੰਤ ਸੂਚਨਾ ਪਹੁੰਚਾਉਣ ਅਤੇ ਤੇਜ਼ੀ ਨਾਲ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

 

ਮੁੱਖ ਮੰਤਰੀ ਨੇ ਆਉਂਦੇ ਦਿਨਾਂ ਵਿੱਚ ਭਾਰੀ ਮੀਹਾਂ ਦੇ ਕਾਰਨ ਹੜ੍ਹਾਂ ਵਿੱਚ ਘਿਰਨ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਵਾਸਤੇ ਕਿਸ਼ਤੀਆਂ ਦਾ ਇੰਤਜਾਮ ਕਰਨ ਅਤੇ ਲੋਕਾਂ ਨੂੰ ਹੜ੍ਹਾਂ ਵਾਲੇ ਇਲਾਕਿਆਂ 'ਚੋਂ ਬਾਹਰ ਕੱਢਣ ਲਈ ਯੋਜਨਾ ਤਿਆਰ ਕਰਨ ਵਾਸਤੇ ਵੀ ਡਿਪਟੀ ਕਮਸ਼ਿਨਰਾਂ ਨੂੰ ਆਖਿਆ ਹੈ।

 

ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸ੍ਰੋਤ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਹੜ੍ਹਾਂ ਸੁਰੱਖਿਆ ਕਾਰਜ ਕਰਨ ਲਈ ਇਨ੍ਹਾਂ ਜ਼ਿਲ੍ਹਿਆਂ ਦੇ ਨਹਿਰ ਅਤੇ ਡਰੇਨੇਜ਼ ਸਟਾਫ ਨਾਲ ਨੇੜੇ ਦਾ ਤਾਲਮੇਲ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਵਿਭਾਗ ਨੂੰ ਤੁਰੰਤ ਟੀਮਾਂ ਤਾਇਨਾਤ ਕਰਨ ਦੀ ਵੀ ਹਦਾਇਤ ਦਿੱਤੀ ਹੈ ਤਾਂ ਜੋ ਪਾਣੀ ਨਾਲ ਭਰੇ ਇਲਾਕਿਆਂ ਵਿਚੋਂ ਪਾਣੀ ਬਾਹਰ ਕੱਢਣ ਨੂੰ ਯਕੀਨੀ ਬਣਾਇਆ ਜਾ ਸਕੇ।

 

ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਸੰਭਵੀ ਬਿਮਾਰੀਆਂ ਨਾਲ ਨਿਪਟਣ ਲਈ ਦਵਾਈਆਂ ਦਾ ਢੁਕਵਾਂ ਸਟਾਕ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਾਸਤੇ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਵੀ ਨਿਰਦੇਸ਼ ਦਿੱਤੇ ਹਨ।

 

ਉਨ੍ਹਾਂ ਨੇ ਪ੍ਰਮੁੱਖ ਸਕੱਤਰ ਪਸ਼ੂਪਾਲਣ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਜ਼ਿਲ੍ਹਿਆਂ ਦੇ ਪਸ਼ੂ ਪਾਲਣ ਦੇ ਡਿਪਟੀ ਡਾਇਰੈਕਟਰਾਂ ਦੇ ਨਾਲ ਸੰਪਰਕ ਵਿੱਚ ਰਹਿਣ ਤਾਂ ਜੋ ਪਸ਼ੁਆਂ ਵਾਸਤੇ ਦਵਾਈਆਂ ਅਤੇ ਚਾਰੇ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਮੀਂਹ ਕਾਰਨ ਨੁਕਸਾਨੇ ਗਏ ਬੁਨਿਆਦੀ ਢਾਂਚੇ ਅਤੇ ਸੜਕਾਂ ਆਦਿ ਤੁਰੰਤ ਮੁਰੰਮਤ ਲਈ ਵੀ ਪੀ. ਡਬਲਯੂ.ਡੀ ਨੂੰ ਹਦਾਇਤਾਂ ਜਾਰੀ ਕੀਤੀਆਂ।

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain ordered to be ready to the Deputy Commissioners of the punjab