ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਟਾਲੇ ਵਿਖੇ ਉਨਾਂ ਦੀ ਪੂਰੀ ਵਜ਼ਾਰਤ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲਿਆ। ਅੱਜ ਉਨਾਂ ਵਲੋਂ 103 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 109 ਕਿਲੋਮੀਟਰ ਲੰਬਾਈ ਵਾਲੇ ‘ਪ੍ਰਕਾਸ਼ ਪੁਰਬ ਮਾਰਗ’ ਜੋ ਸੁਲਤਾਨਪੁਰ ਲੋਧੀ ਤੋਂ ਲੈ ਕੇ ਡੇਰਾ ਬਾਬਾ ਨਾਨਕ ਦਾ ਨੀਂਹ ਪੱਥਰ ਰੱਖਿਆ ਗਿਆ।
ਪੰਜਾਬ ਸਰਕਾਰ ਵਲੋਂ 10 ਮੀਟਰ ਚੌੜਾ ਬਣਾਇਆ ਜਾ ਰਿਹਾ ਇਹ ਮਾਰਗ ਸੁਲਤਾਨਪੁਰ ਲੋਧੀ ਤੋਂ ਵਾਇਆ ਮੁੰਡੀ ਮੋੜ-ਕਪੂਰਥਲਾ-ਸੁਭਾਨਪੁਰ-ਬਿਆਸ-ਬਾਬਾ ਬਕਾਲਾ-ਬਟਾਲਾ ਵੱਲ ਦੀ ਡੇਰਾ ਬਾਬਾ ਨਾਨਕ ਤੱਕ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਟਾਲਾ ਵਿਖੇ 13 ਕਰੋੜ ਰੁਪਏ ਦੀ ਲਾਗਤ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ।
ਉਨਾਂ ਕਿਹਾ ਕਿ ਸਰਕਾਰ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਵਿਧਾਇਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਪਹਿਲੇ ਜਥੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਮਹਾਨ ਪੁਰਬ ਮੌਕੇ ਸਾਰਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸ਼ਤਾਬਦੀ ਸਮਾਗਮ ਮਨਾਉਣੇ ਚਾਹੀਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਅਤੇ ਸਮਾਗਮਾਂ ਦੀ ਅੰਤਿਮ ਰੂਪ-ਰੇਖਾ ਅਗਲੇ ਤਿੰਨ-ਚਾਰ ਦਿਨਾਂ ਤੱਕ ਦੱਸ ਦਿੱਤੀ ਜਾਵੇਗੀ।