ਸਮਾਜ ਨੂੰ ਸੇਧ ਦੇਣ ਲਈ ਮੀਡੀਆ ਦੀ ਵੱਡੀ ਭੂਮਿਕਾ: ਬਲਬੀਰ ਸਿੰਘ ਸਿੱਧੂ
ਸਮਾਜਿਕ ਨਿਆਂ ਅਤੇ ਸ਼ਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਖ ਵੱਖ ਜਾਤੀਆਂ ਦੇ ਲੋਕਾਂ ਨੂੰ ਜੋੜਨ ਅਤੇ ਉਨ੍ਹਾਂ ਵਿੱਚ ਸਮਾਜਿਕ ਸਦਭਾਵਨਾ ਵਧਾਉਣ ਦਾ ਕੰਮ ਕਰ ਰਹੀ ਹੈ।
ਇੱਥੇ ਰਤਨ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਹੋਏ ਤਾਜਪੋਸ਼ੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅਠਾਵਲੇ ਨੇ ਆਪਣੇ ਕਾਵਿਕ ਅੰਦਾਜ਼ ਵਿੱਚ ਜਿੱਥੇ ਮੁਹਾਲੀ ਸ਼ਹਿਰ ਦੇ ਇਸ ਦੇ ਬਸ਼ਿੰਦਿਆਂ ਦੀ ਤਾਰੀਫ਼ ਕੀਤੀ, ਉਥੇ ਨਾਲ ਹੀ ਆਖਿਆ ਕਿ ਉਹ ਪੰਜਾਬ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਦੂਰ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਬਾਬਾ ਸਾਹਿਬ ਅੰਬੇਦਕਰ ਵੱਲੋਂ ਆਪਣੇ ਜੀਵਨ ਵਿੱਚ ਕੀਤੇ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਆ। ਪ੍ਰੋਗਰਾਮ ਦੌਰਾਨ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪ੍ਰੈੱਸ ਕਲੱਬ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਸਹੀ ਸੇਧ ਦੇਣ ਵਿੱਚ ਮੀਡੀਆ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਮੀਡੀਆ ਤੋਂ ਬਗ਼ੈਰ ਕੋਈ ਵੀ ਅਦਾਰਾ ਚੱਲ ਨਹੀਂ ਸਕਦਾ।
ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਚੰਗੀ ਸੇਧ ਦੇਣ ਲਈ ਚੰਗੀ ਵਿਚਾਰਧਾਰਾ ਵਾਲੇ ਪੱਤਰਕਾਰਾਂ ਦੀ ਬੇਹੱਦ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਨਾਲ ਜੁੜੇ ਪੱਤਰਕਾਰ ਨਿੱਗਰ ਸੋਚ, ਬੇਧੜਕ ਤੇ ਲੋਕ ਵਿੱਚ ਆਵਾਜ਼ ਬੁਲੰਦ ਕਰਦੇ ਰਹਿਣਗੇ।
ਸਿਹਤ ਮੰਤਰੀ ਨੇ ਪ੍ਰੈੱਸ ਕਲੱਬ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਸਿਹਤ ਮੰਤਰੀ ਨੇ ਪ੍ਰੈੱਸ ਕਲੱਬ ਨੂੰ ਦੋ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਆਪਣੇ ਹਲਕੇ ਦੀ ਗੱਲ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਮੈਡੀਕਲ ਕਾਲਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਭਾਵੇਂ ਕਾਲਜ ਦੀ ਇਮਾਰਤ 2021-22 ਤੱਕ ਤਿਆਰ ਹੋਵੇਗੀ ਪਰ ਕਲਾਸਾਂ ਇਸੇ ਸਾਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 32 ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਤਰਜ਼ ਉਤੇ ਬਣਨ ਵਾਲਾ ਇਹ ਹਸਪਤਾਲ 300 ਬਿਸਤਰਿਆਂ ਦਾ ਬਣੇਗਾ, ਜਿਸ ਵਿੱਚ 100 ਸੀਟਾਂ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਹੋਣਗੀਆਂ।