ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰੀ ਪ੍ਰਹਲਾਦ ਸਿੰਘ ਪਟੇਲ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਮਾਗਮਾਂ ਲਈ 100 ਕਰੋੜ ਰੁਪਏ ਦੇਣ ਦੀ ਅਪੀਲ ਕੀਤੀ।
ਸ੍ਰੀ ਚੰਨੀ ਨੇ ਅੱਜ ਸ੍ਰੀ ਪਟੇਲ ਨਾਲ ਉਨ੍ਹਾਂ ਦੇ ਟਰਾਂਸਪੋਰਟ ਭਵਨ ਨਵੀਂ ਦਿੱਲੀ ਵਿਖੇ ਸਥਿਤ ਦਫ਼ਤਰ 'ਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਅਤੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਤਿਕਾਰ ਦੇਣ ਵਾਲੇ ਲੋਕ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਲਈ ਉਤਸ਼ਾਹਨ ਹਨ।
ਡੇਰਾ ਬਾਬਾ ਨਾਨਕ ਅਤੇ ਬਟਾਲਾ ਨੂੰ ਵਿਰਾਸਤੀ ਦਰਜਾ ਦੇਣ ਲਈ ਕੀਤੀ ਮੰਗ
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਬਟਾਲਾ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਐਲਾਨਣ ਦੀ ਮੰਗ ਵੀ ਰੱਖੀ ਕਿਉਂ ਕਿ ਇਨ੍ਹਾਂ ਸ਼ਹਿਰਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦਾ ਕਾਫੀ ਸਮਾਂ ਬਤੀਤ ਹੋਇਆ ਹੈ। ਇਹ ਸੁਲਤਾਨਪੁਰ ਲੋਧੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਲੋਕਾਂ ਦੇ ਸਤਿਕਾਰ ਦੇ ਪਾਤਰ ਹਨ। ਉਨ੍ਹਾਂ ਦੋਹਾਂ ਇਤਿਹਾਸਕ ਪੱਖੋਂ ਮਹੱਤਵਪੂਰਨ ਸ਼ਹਿਰਾਂ ਨੂੰ ਵਿਕਸਿਤ ਕਰਨ ਲਈ 400 ਕਰੋੜ ਰੁਪਏ ਦੀ ਮੰਗ ਵੀ ਕੀਤੀ।
ਸ੍ਰੀ ਪਟੇਲ ਨੇ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਭਾਰਤ ਦੀਆਂ ਹੋਰ ਖੇਤਰੀ ਭਾਸ਼ਾਵਾਂ ਵਿੱਚ ਉਲੱਥਾ ਕਰਨ ਦਾ ਕੰਮ ਨੈਸ਼ਨਲ ਬੁੱਕ ਟਰੱਸਟ ਵੱਲੋਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਕੇਂਦਰੀ ਮੰਤਰੀ ਨੇ ਸ੍ਰੀ ਚੰਨੀ ਨੂੰ ਕੇਂਦਰ ਵੱਲੋਂ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਪ੍ਰਸਤਾਵਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨ ਦੀ ਗੱਲ ਆਖੀ।