ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ ਟਰੋਮਾ ਸੈਂਟਰ
ਨੰਗਲ ਨਿਵਾਸੀਆਂ ਨੂੰ ਹੋਰ ਵੀ ਬਿਹਤਰ ਸਹੂਲਤਾਂ ਦੇਣ ਲਈ ਲਾਲਾ ਲਾਜਪਤਰਾਏ ਸਿਵਲ ਹਸਤਪਾਲ ਵਿੱਚ ਡਾਕਟਰਾਂ ਦੀਆਂ ਸਾਰੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਸਿਵਲ ਹਸਪਤਾਲ ਨੂੰ ਅਤਿ ਆਧੁਨਿਕ ਯੰਤਰਾਂ ਨਾਲ ਲੈੱਸ ਕਰਕੇ ਜ਼ਿਲ੍ਹੇ ਦੇ ਸਭ ਤੋਂ ਬਿਹਤਰੀਨ ਹਸਪਤਾਲ ਬਣਾਇਆ ਜਾਵੇਗਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਇਸ ਮੌਕੇ ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ।
ਕੁਲਵਿੰਦਰਜੀਤ ਭਾਟੀਆ ਦੀ ਰਿਪੋਰਟ ਅਨੁਸਾਰ ਸ਼੍ਰੀ ਸਿੱਧੂ ਨੇ ਇਸ ਮੌਕੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਪੈਂਦੇ ਇਤਿਹਾਸਕ ਕਸਬਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਇਕ ਟਰੋਮਾ ਸੈਂਟਰ ਵੀ ਬਣਾਇਆ ਜਾਵੇਗਾ ਜਿਸ ਨਾਲ ਨੰਗਲ, ਸ਼੍ਰੀ ਅਨੰਦਪੁਰ ਸਾਹਿਬ, ਹਿਮਾਚਲ ਪ੍ਰਦੇਸ਼ ਅਤੇ ਆਲੇ ਦੁਆਲੇ ਰਹਿੰਦੇ ਨਿਵਾਸੀਆਂ ਨੰ ਆਧੁਨਿਕ ਸਹੂਲਤਾਂ ਮੁਹੱਈਆ ਹੋਣਗੀਆਂ।
ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਕਮੀ ਦੀ ਸਮੱਸਿਆ ਨੂੰ ਪੂਰਾ ਕਰਨ ਲਈ ਹੁਸ਼ਿਆਰਪੁਰ, ਕਪੂਰਥਲਾ ਅਤੇ ਮੋਹਾਲੀ ਵਿਖੇ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਮੁਹਾਲੀ ਵਿਖੇ ਨਵੇਂ ਸੈਸ਼ਨ ਤੋਂ ਮੈਡੀਕਲ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਸਿਹਤ ਵਿਭਾਗ ਅਤੇ ਬੀ.ਬੀ.ਐਮ.ਡੀ. ਦੇ ਉਚ ਅਧਿਕਾਰੀਆਂ ਨਾਲ ਬੈਠਕ ਕਰਕੇ ਨੰਗਲ ਵਿਚ ਹੋਰ ਵੀ ਵਧੀਆ ਸਿਹਤ ਸਹੂਲਤਾਂ ਮੁੱਹਈਆ ਕਰਾਉਣ ਅਤੇ ਬੁਨਿਆਦੀ ਸਹੂਲਤਾਂ ਨੁੰ ਮੁਹੱਈਆ ਕਰਾਉਣ ਲਈ ਆਪਸ ਵਿਚ ਵਿਚਾਰ ਵਟਾਂਦਰਾ ਕੀਤਾ।
ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਨੰਗਲ ਵਿੱਚ ਅਧਿਕਾਰੀ ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਬੀ.ਬੀ.ਐਮ.ਬੀ. ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਲਈ ਜੋ ਵੀ ਸਹੂਲਤਾਂ ਬੀ.ਬੀ.ਐਮ.ਬੀ. ਵਲੋਂ ਮੁਹਈਆ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਪਹਿਲ ਦੇ ਆਧਾਰ ਉੱਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਇਹ ਯੋਜਨਾ ਉਲੀਕੀ ਗਈ ਹੈ ਕਿ ਬੀ.ਬੀ.ਐਮ.ਬੀ. ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਮਹਿਕਮੇ ਨਾਲ ਸਬੰਧਤ ਅਸਾਮੀਆਂ ਦੀ ਨਿਯੁਕਤੀ ਇਸ ਢੰਗ ਨਾਲ ਕੀਤੀ ਜਾਵੇਗੀ ਕਿ ਉਹ ਆਪਣੀ ਸੇਵਾਕਾਲ ਦੇ ਦੌਰਾਨ ਸਾਰੀ ਉਮਰ ਇਸ ਹਸਪਤਾਲ ਵਿੱਚ ਹੀ ਕੰਮ ਕਰ ਸਕਣਗੇ ਤਾਂ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਕਰਨ ਲਈ ਨੰਗਲ ਅਤੇ ਬਾਹਰ ਨਾ ਜਾਣਾ ਪਵੇ ਅਤੇ ਸਾਰੀਆਂ ਸਹੁਲਤਾਂ ਇਸੇ ਹਸਪਤਾਲ ਵਿਚ ਮਿਲਣ ਸਕਣ।