ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਮੁਕੰਮਲ ਸਰਮਾਇਆ ਵਾਪਸ ਨਹੀਂ ਮਿਲਿਆ’

‘ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਮੁਕੰਮਲ ਸਰਮਾਇਆ ਵਾਪਸ ਨਹੀਂ ਮਿਲਿਆ’। ਤਸਵੀਰ: ਸਿੰਘ ਸਟੇਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ। ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬਤੇ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵੀ ਚੋਰੀ ਕਰ ਲਿਆ ਗਿਆ ਸੀ, ਜਿਸ ਦੀ ਵਾਪਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਸਰਕਾਰ ਪਾਸੋਂ ਮੰਗ ਕਰਦੀ ਰਹੀ ਹੈ।

 

 

ਪਰ ਹਾਲ ਹੀ ਵਿਚ ਮੀਡੀਆ ਦੇ ਇਕ ਹਿੱਸੇ ਵੱਲੋਂ ਖ਼ਬਰਾਂ ਪ੍ਰਕਾਸ਼ਤ ਕੀਤੀਆਂ ਗਈਆਂ ਕਿ ਕੇਂਦਰ ਸਰਕਾਰ ਵੱਲੋਂ ਲਾਇਬ੍ਰੇਰੀ ਦਾ ਸਮੂਹ ਸਰਮਾਇਆ ਵਾਪਸ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲਾਇਬ੍ਰੇਰੀ ਨਾਲ ਸਬੰਧਤ ਰਹੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਇਕੱਤਰਤਾ ਬੁਲਾਈ ਸੀ।

 

 

ਅੱਜ ਹੋਈ ਇਸ ਇਕੱਤਰਤਾ ਦੌਰਾਨ ਸਬੰਧਤ ਅਧਿਕਾਰੀਆਂ ਨਾਲ ਲੰਮੇ ਵਿਚਾਰ ਵਟਾਂਦਰੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਗਿਆ ਅਨਮੋਲ ਸਰਮਾਇਆ ਪੂਰਨ ਰੂਪ ਵਿਚ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ।

 

 

ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਲਾਇਬ੍ਰੇਰੀ ਦੇ ਸਾਬਕਾ ਡਾਇਰੈਕਟਰ ਡਾ. ਅਨੁਰਾਗ ਸਿੰਘ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਲਿਸਟਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 205 ਹੱਥਲਿਖਤ ਸਰੂਪ, 807 ਪੁਸਤਕਾਂ, 1 ਹੁਕਮਨਾਮਾ ਅਤੇ ਅਖ਼ਬਾਰਾਂ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੀਆਂ ਗਈਆਂ ਸਨ।

 

 

ਡਾ. ਰੂਪ ਸਿੰਘ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਅਸੈਸ਼ਨ ਰਜਿਸਟਰਾਂ ਦੇ ਰਿਕਾਰਡ ਮੁਤਾਬਕ ਜੂਨ 1984 ਤੋਂ ਪਹਿਲਾਂ ਲਾਇਬ੍ਰੇਰੀ ਵਿਚ 512 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਅਤੇ 12613 ਦੁਰਲੱਭ ਪੁਸਤਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਖ਼ਬਾਰਾਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਿਚ ਆਈ ਸੂਚੀ ਅਤੇ ਡਾ. ਅਨੁਰਾਗ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਲਾਇਬ੍ਰੇਰੀ ਦਾ ਸਮਾਨ ਵਾਪਸ ਆਇਆ ਵੀ ਹੈ ਤਾਂ ਫਿਰ ਵੀ 307 ਹੱਥਲਿਖਤ ਪਾਵਨ ਸਰੂਪ ਅਤੇ 11107 ਪੁਸਤਕਾਂ ਸ਼੍ਰੋਮਣੀ ਕਮੇਟੀ ਪਾਸ ਨਹੀਂ ਪੁੱਜੀਆਂ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਸਾਰਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤਾ ਗਿਆ ਹੈ।

 

 

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 1984 ਤੋਂ ਬਾਅਦ ਹੁਣ ਤੱਕ ਸ਼੍ਰੋਮਣੀ ਕਮੇਟੀ ਵਿਚ 17 ਸਕੱਤਰ, 18 ਲਾਇਬ੍ਰੇਰੀ ਇੰਚਾਰਜ, 2 ਡਾਇਰੈਕਟਰ ਅਤੇ 8 ਲਾਇਬ੍ਰੇਰੀਅਨ ਸੇਵਾ ਨਿਭਾ ਚੁੱਕੇ ਹਨ। ਜੇਕਰ ਲਾਇਬ੍ਰੇਰੀ ਦਾ ਸਾਰਾ ਸਮਾਨ ਵਾਪਸ ਗਿਆ ਸੀ ਤਾਂ ਉਹ ਇਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਜ਼ਰ ਕਿਉਂ ਨਾ ਪਿਆ।

 

 

ਇਸੇ ਦੌਰਾਨ ਡਾ. ਰੂਪ ਸਿੰਘ ਨੇ ਦੱਸਿਆ ਕਿ ਕਰੜੀ ਘਾਲਣਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਨਵੇਂ ਸਿਰਿਓਂ ਅਬਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਿਕਾਰਡ ਮੁਤਾਬਕ ਲਾਇਬ੍ਰੇਰੀ ਵਿਚ 24999 ਪੁਸਤਕਾਂ, 560 ਹੱਥਲਿਖਤ ਪਾਵਨ ਸਰੂਪ ਅਤੇ 1398 ਹੱਥਲਿਖਤ ਪੋਥੀਆਂ ਮੌਜੂਦ ਹਨ। ਡਾ. ਰੂਪ ਸਿੰਘ ਅਨੁਸਾਰ ਹੋਈ ਇਕੱਤਰਤਾ ਵਿਚ 21 ਮੌਜੂਦਾ ਤੇ ਸਾਬਕਾ ਅਧਿਕਾਰੀ ਸ਼ਾਮਲ ਹੋਏ। ਇਕੱਤਰਤਾ ਦੀ ਸਮੁੱਚੀ ਆਡੀਓ ਤੇ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Complete items of Sikh Reference Library still not returned