ਜਲ ਸਰੋਤ ਮੰਤਰੀ ਨੇ ਘੱਗਰ ਦੀ ਮਾਰ ਝੱਲ ਰਹੇ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਪਿੰਡਾਂ ਦਾ ਦੌਰਾ
ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦਾ ਆਦੇਸ਼
ਬਰਸਾਤਾਂ ਦੇ ਮੌਸਮ ਵਿੱਚ ਘੱਗਰ ਦਰਿਆ ਵੱਲੋਂ ਕੀਤੀ ਜਾਂਦੇ ਨੁਕਸਾਨ ਦਾ ਪੱਕਾ ਹੱਲ ਕਾਂਗਰਸ ਸਰਕਾਰ ਵੱਲੋਂ ਜਲਦੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਅਤੇ ਰਾਹਤ ਕਾਰਜਾਂ ਦੇ ਜਾਇਜ਼ੇ ਦੌਰਾਨ ਕੀਤਾ ਗਿਆ।
ਦੋ-ਰੋਜ਼ਾ ਪੰਜਾਬ ਦੌਰੇ ਦੇ ਅੱਜ ਆਖ਼ਰੀ ਦਿਨ ਸ੍ਰੀ ਸਰਕਾਰੀਆ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੂਲਦ, ਜਿਥੇ ਘੱਗਰ ਵਿੱਚ ਪਾੜ ਪੈਣ ਕਾਰਨ ਭਾਰੀ ਨੁਕਸਾਨ ਹੋਇਆ ਹੈ, ਅਤੇ ਖਨੌਰੀ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਾਦਸ਼ਾਹਪੁਰ ਅਤੇ ਸਿਰਕਪੜਾ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਘੱਗਰ ਵੱਲੋਂ ਕੀਤੇ ਜਾਂਦੇ ਨੁਕਸਾਨ ਦੇ ਹੱਲ ਲਈ ਪਿਛਲੀ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਬਲਕਿ ਮਹਿਜ਼ ਬਿਆਨਬਾਜ਼ੀ ਹੀ ਕੀਤੀ ਹੈ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਦੇ ਪੱਕੇ ਹੱਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਵਾਰ ਸਾਲ ਦੀ ਸ਼ੁਰੂਆਤ ਵਿੱਚ ਹੀ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਸੀ, ਜੋ ਕਿ ਪਹਿਲਾਂ ਬਰਸਾਤਾਂ ਦੇ ਮੌਸਮ ਵਿੱਚ ਹੁੰਦੀ ਸੀ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 15 ਤੋਂ 17 ਜੁਲਾਈ ਦਰਮਿਆਨ ਰਿਕਾਰਡ ਭਾਰੀ ਮੀਂਹ ਪੈਣ ਦੇ ਬਾਵਜੂਦ ਪਿਛਲੇ ਸਾਲਾਂ ਨਾਲੋਂ ਘੱਟ ਨੁਕਸਾਨ ਹੋਇਆ ਹੈ ਕਿਉਂਕਿ ਸਾਰੇ ਪ੍ਰਬੰਧ ਸਮੇਂ ਸਿਰ ਕਰ ਲਏ ਸਨ।
ਦੱਸਣਯੋਗ ਹੈ ਕਿ ਕੱਲ੍ਹ ਉਨ੍ਹਾਂ ਵੱਲੋਂ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਨਿਰੀਖਣ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚੋਂ ਲੰਘਦੀਆਂ ਡਰੇਨਾਂ ਦਾ ਜਾਇਜ਼ਾ ਵੀ ਲਿਆ ਸੀ।