ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ `ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੋਜੁਆਨ ਨਸ਼ਿਆਂ ਦੀ ਆਦਤ ਤੋਂ ਛੁੱਟਕਾਰਾ ਪਾ ਸਕਣ।
ਉਹਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਹਨਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਪੰਚਾਇੰਤਾਂ, ਸਮਾਜ ਸੇਵੀ ਸੰਸਥਾਵਾਂ ਤੇ ਨੋਜੁਆਨ ਸਭਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁਮਰਾਹ ਨੋਜੁਆਨਾਂ ਨੂੰ ਮੁੜ ਰਾਹ 'ਤੇ ਪਾਇਆ ਜਾ ਸਕੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ।
ਉਨ੍ਹਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 'ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਦੀਆਂ ਸੇਵਾਵਾ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।