ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੇ ਪੰਜਾਬ ਸਰਕਾਰ ਨੂੰ ਤ੍ਰੇਲੀਆਂ ਲਿਆ ਦਿੱਤੀਆਂ ਹਨ। ਇਸ ਮਗਰੋਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਤੋਂ ਕਿਹਾ ਕਿ ਦਿਨਕਰ ਗੁਪਤਾ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ। ਮੁੱਖ ਮੰਤਰੀ ਵੱਲੋਂ ਕੈਟ, ਯੂਪੀਐਸਸੀ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਦੇ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
Reacting to reports on CAT order on @DGPPunjabPolice Dinkar Gupta’s appointment, CM @capt_amarinder has said the matter has to be sorted out between CAT, UPSC, and the officer. However, Dinkar will continue to be DGP of Punjab. pic.twitter.com/xz076anfdg
— Raveen Thukral (@RT_MediaAdvPbCM) January 17, 2020
ਅੱਜ ਸਵੇਰੇ ਕੈਟ ਨੇ ਵੱਡਾ ਝਟਕਾ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੀ ਅਪੀਲ ਨੂੰ ਮਨਜੂਰੀ ਦੇ ਦਿੱਤੀ ਹੈ। ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ।
ਬੀਤੀ 8 ਜਨਵਰੀ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਲਈ ਚੁਣੌਤੀ ਮਾਮਲੇ 'ਚ ਸੁਣਵਾਈ ਕੀਤੀ ਗਈ ਸੀ। ਕੈਟ 'ਚ ਪੂਰੇ ਦਿਨ ਲੰਬੀ ਬਹਿਸ ਕੀਤੀ ਗਈ ਸੀ। ਸਵੇਰੇ 11:30 ਵਜੇ ਤੋਂ ਸ਼ਾਮ 4:50 ਵਜੇ ਦੀ ਲੰਮੀ ਬਹਿਸ ਤੋਂ ਬਾਅਦ ਕੈਟ ਨੇ ਇਸ ਕੇਸ 'ਚ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।

ਪੰਜਾਬ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਅਧਿਕਾਰੀ) ਸਿਧਾਰਧ ਚਟੋਪਾਧਿਆਏ ਨੇ ਡੀਜੀਪੀ ਅਹੁਦੇ ਲਈ ਨਿਯੁਕਤ ਕੀਤੇ ਗਏ ਦਿਨਕਰ ਗੁਪਤਾ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ। ਦੋਹਾਂ ਨੇ ਇਹ ਪਟੀਸ਼ਨ ਯੂਪੀਐਸਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਵਿਰੁੱਧ ਦਾਇਰ ਕੀਤੀ ਸੀ।
ਪਟੀਸ਼ਨ 'ਚ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ 'ਚ ਵੀ ਉਨ੍ਹਾਂ ਤੋਂ ਅੱਗੇ ਹਨ। ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਡੀਜੀਪੀ ਸੂਚੀ 'ਚ ਸਭ ਤੋਂ ਸੀਨੀਅਰ ਹਨ। ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ।
ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂਪੀਐਸਸੀ ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤਕ ਕਈ ਅਹਿਮ ਵਿਭਾਗਾਂ 'ਚ ਕੰਮ ਕੀਤਾ ਹੈ।