ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਜਾਰੀ ਕਾਰਜਾਂ ਦਾ ਜਾਇਜ਼ਾ
ਸਾਰੇ ਕੰਮਾਂ ਨੂੰ ਸਮੇਂ ਤੋਂ ਪਹਿਲਾਂ ਹੀ ਕਰ ਲਿਆ ਜਾਵੇਗਾ: ਸੰਜੇ ਪੋਪਲੀ
ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਡਾਇਰੈਕਟਰ ਸਪੋਰਟਸ ਸੰਜੇ ਪੋਪਲੀ ਨੇ ਚੱਲ ਰਹੇ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਤੋਂ ਕਾਫੀ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।
ਸਾਰੇ ਦੇ ਸਾਰੇ ਜ਼ਿਲ੍ਹਿਆਂ ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਦਾ ਦੌਰਾ ਕਰਨ ਅਤੇ ਉਥੇ ਵੱਖ-ਵੱਖ ਅਧਿਕਾਰੀਆਂ ਨਾਲ ਹੋਈਆਂ ਜਾਇਜ਼ਾ ਮੀਟਿੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪੋਪਲੀ ਨੇ ਦੱਸਿਆ ਕਿ ਕਬੱਡੀ ਟੂਰਨਾਮੈਂਟ ਕਰਵਾਉਣ ਵਾਸਤੇ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਇਹ ਕੰਮ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਜਾਵੇਗਾ।
ਸ੍ਰੀ ਪੋਪਲੀ ਮੈਚ ਹੋਣ ਵਾਲੀਆਂ ਸਾਰੀਆਂ ਥਾਵਾਂ ਦਾ ਖੁਦ ਦੌਰਾ ਕਰ ਚੁੱਕੇ ਹਨ ਅਤੇ ਉਨਾਂ ਨੇ ਕਬੱਡੀ ਗਰਾਊਂਡ ਦਾ ਵਿਸ਼ੇਸ਼ ਤੌਰ ’ਤੇ ਮੁਆਇਨਾ ਕੀਤਾ ਹੈ।
ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈ ਰਹੀਆਂ ਹਨ ਹਰੇਕ ਜ਼ਿਲ੍ਹੇ ਦੇ ਪ੍ਰਬੰਧਾਂ ਨੂੰ ਵੇਖਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੈਨਿਊ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਸਾਰੇ ਤਰਾਂ ਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਲੱਗੀਆਂ ਹੋਈਆਂ ਹਨ।
ਸ੍ਰੀ ਪੋਪਲੀ ਅਨੁਸਾਰ ਸਟੇਡੀਅਮਾਂ ਨੂੰ ਨਵਿਆਉਣ, ਉਨਾਂ ਦੀ ਮੁਰੰਮਤ ਕਰਨ, ਖੇਡ ਮੈਦਾਨਾਂ ਨੂੰ ਦਰੁੱਸਤ ਕਰਨ ਤੋਂ ਇਲਾਵਾ ਬਾਥਰੂਮਾਂ ਤੇ ਪਖਾਨਿਆਂ ਦੀ ਮੁਰੰਮਤ, ਲਾਈਟਾਂ ਤੇ ਬੈਕ ਅੱਪ ਜਨਰੇਟਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।