ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਵਾਉਣ ਲਈ ਜਨਰਲ ਹਾਊਸ ਦਾ ਸਾਲਾਨਾ ਸੈਸ਼ਨ ਆਉਂਦੀ 13 ਨਵੰਬਰ ਨੂੰ ਸੱਦ ਲਿਆ ਗਿਆ ਹੈ। ਇਸ ਸਬੰਧੀ ਫ਼ੈਸਲਾ ਅੱਜ ਵੀਰਵਾਰ ਨੂੰ ਕਪੂਰਥਲਾ ਜਿ਼ਲ੍ਹੇ ਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਕਾਰਜਕਾਰਨੀ ਨੇ ਲਿਆ।
ਅੱਜ ਦੀ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਚੁਣਾਵੀ ਸੈਸ਼ਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡਕੁਆਰਟਰਜ਼ ਤੇਜਾ ਸਿੰਘ ਸਮੁੰਦਰੀ ਹਾਲ `ਚ ਹੋਵੇਗਾ।
ਇਸ ਸੈਸ਼ਨ ਦੌਰਾਨ ਹਰ ਸਾਲ ਨਵੰਬਰ ਮਹੀਨੇ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਮੈਂਬਰੀ ਕਾਰਜਕਾਰਨੀ ਦੀ ਚੋਣ ਕੀਤੀ ਜਾਂਦੀ ਹੈ।
ਜੱਥੇਦਾਰ ਲੌਂਗੋਵਾਲ ਨੇ ਦੱਸਿਆ ਕਿ 2019 ਦਾ ਸਾਰਾ ਵਰ੍ਹਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨਾਲ ਸਬੰਧਤ ਸਮਾਰੋਹਾਂ ਨੂੰ ਸਮਰਪਿਤ ਰਹੇਗਾ। ਉਨ੍ਹਾਂ ਦੱਸਿਆ ਕਿ ਯਾਦਗਾਰੀ ਗੇਟ ਤੇ ਹੋਰ ਇਮਾਰਤਾਂ ਦੀ ਉਸਾਰੀ ਦਾ ਕੰਮ ਇਸ ਵੇਲੇ ਜੰਗੀ ਪੱਧਰ `ਤੇ ਚੱਲ ਰਿਹਾ ਹੈ।