ਹਾੜ੍ਹੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ
ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਹਾੜ੍ਹੀ 2019 ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਫ਼ਾਜ਼ਿਲਕਾ ਵਿਖੇ ਲਗਾਇਆ ਗਿਆ।
ਕੈਂਪ ਦੌਰਾਨ ਜ਼ਿਲ੍ਹਾ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਿਰਪਾਲ ਸਿੰਘ ਖੋਖਰ ਨੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿਦ ਖੁੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਸਿਫ਼ਾਰਸ਼ਾਂ ਤੇ ਅਮਲ ਕੀਤਾ ਜਾਵੇ ਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ, ਪਸ਼ੂਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਆਦਿ ਅਪਣਾਏ ਜਾਣ ਤਾਂ ਕਿ ਵੱਧ ਆਮਦਨ ਲਈ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹਾੜ੍ਹੀ 2019 ਦੌਰਾਨ ਵੱਖ-ਵੱਖ ਫ਼ਸਲਾਂ ਲਈ ਲੋੜੀਂਦੀ ਯੂਰੀਆ ਅਤੇ ਡੀ.ਏ.ਪੀ. ਦੀ ਸਮੇਂ ਸਿਰ ਸਪਲਾਈ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾਂ ਪਾਇਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜ਼ੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਏ। ਉਨ੍ਹਾਂ ਮੰਡੀ ਵਿੱਚ ਫ਼ਸਲ ਸੁੱਕੀ ਤੇ ਸ਼ਾਫ ਸੁੱਥਰੀ ਲਿਆਉਣ ਲਈ ਕਿਹਾ ਤਾਂ ਕਿ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਮਾਹਰਾਂ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਅਤੇ ਫ਼ਸਲਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਮਾਹਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਸਬੰਧੀ ਪੁੱਛੇ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ।