ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ, ਜਿਸ ਦੀ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਸੀ, ਦੀ ਪਤਨੀ ਜਸਵੀਰ ਕੌਰ ਦੀ ਸ਼ਿਕਾਇਤ 'ਤੇ ਫਰੀਦਕੋਟ ਪੁਲਿਸ ਨੇ ਸਥਾਨਕ ਕਾਂਗਰਸੀ ਆਗੂ ਅਤੇ ਉਸ ਦੇ ਦੋ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਬੀਤੇ ਦਿਨੀਂ ਜਸਵੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਇਨ੍ਹਾਂ ਬਾਰੇ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੁਰਜੀਤ ਸਿੰਘ ਦੀ ਮੌਤ ਬਿਜਲੀ ਵਿਭਾਗ, ਪੁਲਿਸ ਅਤੇ ਕੁੱਝ ਕਾਂਗਰਸੀ ਨੇਤਾਵਾਂ ਵਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕਰਨ ਕਾਰਨ ਹੋਈ ਹੈ।
ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਮਨਜਿੰਦਰ ਸਿੰਘ, ਜਗਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਤਿੰਨੇ ਬਹਿਬਲ ਕਲਾਂ ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਹਨ। ਇਨ੍ਹਾਂ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ 8 ਦਸੰਬਰ 2018 ਅਤੇ 15 ਨਵੰਬਰ 2019 ਨੂੰ ਵਾਪਰੀਆਂ ਸਨ। ਜਸਵੀਰ ਕੌਰ ਮੁਤਾਬਿਕ ਉਸ ਦੇ ਪਤੀ ਨੂੰ ਗਵਾਹੀ ਦੇਣ ਤੋਂ ਮੁਕਰਾਉਣ ਲਈ ਮਨਜਿੰਦਰ ਸਿੰਘ ਨੇ ਦੋ ਵਾਰ ਵੱਖ-ਵੱਖ ਥਾਵਾਂ 'ਤੇ ਹਵਾ 'ਚ ਗੋਲੀਆਂ ਚਲਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦਿੱਤੀ ਸੀ।
ਸੁਰਜੀਤ ਸਿੰਘ ਨੇ ਪੁੱਤਰ ਲਖਵਿੰਦਰ ਸਿੰਘ ਨੇ 'ਹਿੰਦੁਸਤਾਨ ਟਾਈਮਜ਼' ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਸਾਲ 2018 'ਚ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਪਹਿਲੀ ਵਾਰੀ ਗੋਲੀ ਚਲਾਉਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪਿਛਲੇ ਸਾਲ ਮਨਜਿੰਦਰ ਸਿੰਘ ਨੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਚਲਾਈ ਸੀ ਅਤੇ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਨੇ ਫਿਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਿਰੁੱਧ ਵੀ ਸ਼ਿਕਾਇਤ ਦਿੱਤੀ ਸੀ, ਪਰ ਸੀਨੀਅਰ ਅਧਿਕਾਰੀਆਂ ਵੱਲੋਂ ਇਸ ਕਾਂਗਰਸੀ ਆਗੂ ਅਤੇ ਉਸ ਦੇ ਭਰਾਵਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ।
ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੁਰਜੀਤ ਸਿੰਘ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਰੁੱਧ ਧਾਰਾ 336, 506, 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।