ਪੰਜਾਬ ਦੇ ਚਾਰ ਬਾਗੀ ਵਿਧਾਇਕਾਂ ਨੇ ਤਿੱਖਾ ਰੁੱਖ ਅਪਣਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਵਿਧਾਇਕਾਂ ਨੇ ਐਲਾਨ ਕੀਤਾ ਹੈ ਕਿ ਜੇ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ ਤੈਅ ਪ੍ਰੋਗਰਾਮ ਮੁਤਾਬਕ 1 ਜਨਵਰੀ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਬਾਹਰ ਧਰਨਾ ਦੇਣਗੇ।
ਇਨ੍ਹਾਂ ਬਾਗੀ ਵਿਧਾਇਕਾਂ 'ਚ ਸਮਾਨਾ ਤੋਂ ਰਜਿੰਦਰ ਸਿੰਘ, ਘੰਨੌਰ ਹਲਕੇ ਤੋਂ ਮਦਨ ਲਾਲ ਜਲਾਲਪੁਰ, ਸ਼ੁਤਰਾਣਾ ਤੋਂ ਨਿਰਮਲ ਸਿੰਘ ਅਤੇ ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ਼ ਸ਼ਾਮਲ ਹਨ। ਮਦਲ ਲਾਲ ਜਲਾਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਮੀਟਿੰਗ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਵੇਗੀ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਇਸ ਮੀਟਿੰਗ ਦਾ ਸਮਾਂ ਤੈਅ ਕਰਨਗੇ।
ਉਨ੍ਹਾਂ ਕਿਹਾ ਕਿ ਹਾਲੇ ਵੀ ਰਾਜਪੁਰਾ ਹਸਪਤਾਲ 'ਚ ਕਾਂਗਰਸੀ ਸਰਪੰਚ 'ਤੇ ਹਮਲਾ ਕਰਨ ਦੇ ਮਾਮਲੇ ਦੇ ਮੁੱਖ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਉਨ੍ਹਾਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਸਾਰੇ ਮੁਲਜ਼ਮ ਗ੍ਰਿਫਤਾਰ ਕੀਤੇ ਜਾਣ। ਜੇ ਅਜਿਹਾ ਨਾ ਹੋਇਆ ਤਾਂ ਉਹ 1 ਜਨਵਰੀ ਤੋਂ ਮੁੱਖ ਮੰਤਰੀ ਦੀ ਰਿਹਾਇਸ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ।
ਉਧਰ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ 'ਚ ਕੁੱਝ ਵਿਕਾਸ ਕੰਮ ਤਾਂ ਰੋਸ ਪ੍ਰਦਰਸ਼ਨਾਂ ਮਗਰੋਂ ਸ਼ੁਰੂ ਹੋ ਗਏ ਹਨ, ਜਦਕਿ ਕੁੱਝ ਹਾਲੇ ਵੀ ਸ਼ੁਰੂ ਨਹੀਂ ਹੋ ਸਕੇ ਹਨ। ਜੇ ਛੇਤੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਧਰਨਾ ਦੇਣ ਦੇ ਫੈਸਲੇ 'ਤੇ ਡਟੇ ਰਹਿਣਗੇ।
ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਹੀ ਜ਼ਿਲ੍ਹੇ 'ਚ ਪਿਛਲੇ ਕੁੱਝ ਦਿਨਾਂ ਤੋਂ 7 ਪੁਲਿਸ ਮੁਲਾਜ਼ਮਾਂ 'ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਪਰਚੇ ਦਰਜ ਹੋਣਾ ਬਹੁਤ ਚਿੰਤਾਜਨਕ ਹੈ। ਪਹਿਲਾਂ ਰਾਜਪੁਰਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਰੱਦ ਕਰਵਾਉਣ ਲਈ ਰਿਸ਼ਵਤ ਲੈਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ। ਫਿਰ ਥਾਣਾ ਭਾਦਸੋਂ ਦੇ ਇੰਚਾਰਜ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਸੀ।
ਕੰਬੋਜ ਨੇ ਸਵਾਲ ਕੀਤਾ ਕਿ ਕੀ ਹੁਣ ਤੱਕ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਸੱਭ ਤੋਂ ਅਣਜਾਣ ਸਨ। ਉਨ੍ਹਾਂ ਮੰਗ ਕੀਤੀ ਕਿ ਸਮਾਨਾ ਸੀਆਈਏ ਸਟਾਫ ਦੇ ਇੰਚਾਰਜ ਰਹੇ ਇੰਸਪੈਕਟਰ ਵਿਜੇ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਹੁਣ ਤੱਕ ਇੱਕ ਮਾਮਲਾ ਸਾਹਮਣਾ ਆਇਆ ਹੈ ਅਤੇ ਕਈ ਅਜਿਹਾ ਮਾਮਲੇ ਹੋਰ ਹੋ ਸਕਦੇ ਹਨ।