ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਫਰੀਦਕੋਟ `ਚ 16 ਸਤੰਬਰ ਨੂੰ ਪੋਲ ਖੋਲ੍ਹ ਰੈਲੀ ਕਰਨ ਦੀ ਇਜ਼ਾਜਤ ਦੇ ਦਿੱਤੀ।
ਇਸ ਨਾਲ ਹੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਪੋਲ ਖੋਲ ਰੈਲੀ ਦਾ ਨਾਮ ਬਦਲਕੇ ਜ਼ਬਰ ਵਿਰੋਧੀ ਰੈਲੀ ਰੱਖ ਦਿੱਤਾ।
ਜਿ਼ਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਫਰੀਦਕੋਟ `ਚ ਕੀਤੀ ਜਾਣ ਵਾਲੀ ਰੈਲੀ ਨੂੰ ਪੰਜਾਬ ਸਰਕਾਰ ਨੇ ਕਾਨੂੰਨ ਅਤੇ ਵਿਵਸਥਾ ਦੇ ਹਾਲਾਤ ਨੂੰ ਧਿਆਨ `ਚ ਰੱਖਦੇ ਹੋਏ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਮਾਨਯੋਗ ਹਾਈਕੋਰਟ ਪਹੁੰਚਕੇ ਰੈਲੀ ਲਈ ਇਜ਼ਾਜਤ ਮੰਗੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਵਕੀਲ ਦਮਨਬੀਰ ਸੋਬਤੀ ਨੇ ਕਿਹਾ ਕਿ ਅਦਾਲਤ ਨੇ ਫਰੀਦਕੋਟ ਐਸਡੀਐਮ ਵੱਲੋਂ ਜਾਰੀ ਕੀਤੇ ਗਏ ਹੁਕਮਾਂ `ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਰੈਲੀ ਕਰਨ ਦੀ ਆਗਿਆ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਾਈਕੋਰਟ ਵੱਲੋਂ ਦਿੱਤੇ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਿਆ। ਉਨ੍ਹਾਂ ਨਿਆਂਪਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਦਾਲਤ ਨੇ ਲੋਕਤੰਤਰ ਨੂੰ ਬਰਕਰਾਰ ਰੱਖਿਆ ਹੈ, ਜੋ ਕਾਂਗਰਸ ਸਰਕਾਰ ਨੇ ਦਬਾਉਣ ਦੀ ਕੋਸਿ਼ਸ਼ ਕੀਤੀ ਸੀ।