ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਢਿੱਲਵਾਂ ਕਤਲ ਕੇਸ ਦੀ CBI ਜਾਂਚ ਕਰਾਉਣ ਦੀ ਮੰਗ ਖਾਰਜ, ਰੰਧਾਵਾ ਨੂੰ ਵੀ ਰਾਹਤ

----ਢਿੱਲਵਾਂ ਕਤਲ ਕੇਸ ’ਚ ਸੁਖਜਿੰਦਰ ਰੰਧਾਵਾ ਦਾ ਨਾਂ ਨਾਮਜ਼ਦ ਕਰਨ ਦੀ ਪਟੀਸ਼ਨ ਰੱਦ----

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਪਟੀਸ਼ਨ ਨੂੰ ਬਿਨੈਕਰਤਾ ਵੱਲੋਂ ਮੰਤਰੀ ਨੂੰ ਮੀਡੀਆ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਦੱਸਦਿਆਂ ਖਾਰਜ ਕਰ ਦਿੱਤਾ। ਨਾਲ ਹੀ ਇਹ ਕੇਸ ਸੀ.ਬੀ.ਆਈ. ਨੂੰ ਸੌਂਪਣ ਸਬੰਧੀ ਪਟੀਸ਼ਨਕਰਤਾ ਦੀ ਮੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

 

ਬੀਤੀ 18 ਨਵੰਬਰ 2019 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਅਤੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਪਿੰਡ ਢਿੱਲਵਾਂ ਵਿਖੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਇਹ ਵਾਰਦਾਤ ਸੋਮਵਾਰ ਦੇਰ ਰਾਤ ਬਟਾਲਾ ਸ਼ਹਿਰ ਤੋਂ 25 ਕਿਲੋਮੀਟਰ ਦੂਰ ਪਿੰਡ ਢਿਲਵਾਂ ’ਚ ਵਾਪਰੀ ਸੀ।

 

ਇਸ ਮਾਮਲੇ ਚ ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ਏ.ਜੀ. ਪੰਜਾਬ ਦਫਤਰ ਅਨੁਸਾਰ ਇਸ ਕੇਸ ਵਿਚ ਰੰਧਾਵਾ ਨੂੰ ਫਸਾਉਣ ਲਈ ਅਕਾਲੀਆਂ ਦੇ ਯਤਨਾਂ ਨੂੰ ਅਸਫਲ ਕਰਦਿਆਂ ਹਾਈ ਕੋਰਟ ਨੇ ਮ੍ਰਿਤਕ ਦੇ ਬੇਟੇ ਸੰਦੀਪ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਕੇਸ ਨੂੰ ਸੁਲਝਾਉਣ ਸਬੰਧੀ ਪੰਜਾਬ ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀਆਂ ਕੋਸ਼ਿਸ਼ਾਂ 'ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ।

 

ਕੁਝ ਹਫਤਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੰਧਾਵਾ ਨੂੰ ਗੁੰਡਾਗਰਦੀ ਕਰਨ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਬੰਧਾਂ ਸਮੇਤ ਹੋਰ ਕਈ ਦੋਸ਼ਾਂ ਦੇ ਅਧਾਰ 'ਤੇ ਫਸਾਉਣ ਦੀਆਂ ਘਟੀਆ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਹਾਲਾਂਕਿ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਸਾਥੀਆਂ ਤੇ ਪਾਰਟੀ ਨੇਤਾਵਾਂ ਦੀ ਹਮਾਇਤ ਪ੍ਰਾਪਤ ਜੇਲ੍ਹ ਮੰਤਰੀ ਨੇ ਠੋਸ ਤੱਥਾਂ ਦੇ ਆਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਝੂਠਾਂ ਦਾ ਪਰਦਾਫਾਸ਼ ਕਰ ਦਿੱਤਾ।

 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਢਿੱਲਵਾਂ ਕਤਲ ਕੇਸ ਵਿੱਚ ਹਾਈ ਕੋਰਟ ਦੇ ਫੈਸਲੇ ਨੇ ਮੰਤਰੀ ਨੂੰ ਨਿਸ਼ਾਨਾ ਬਣਾਉਣ ਅਤੇ ਝੂਠੇ ਦੋਸ਼ਾਂ ਰਾਹੀਂ ਉਨ੍ਹਾਂ ਦੀ ਬਦਨਾਮੀ ਕਰਨ ਸਬੰਧੀ ਅਕਾਲੀਆਂ ਦੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ।

 

ਪਟੀਸ਼ਨਕਰਤਾ ਸੰਦੀਪ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਆਪਣੀ ਪਟੀਸ਼ਨ ਵਿੱਚ ਆਪਣੀ ਜਾਨ, ਆਜ਼ਾਦੀ ਤੇ ਜਾਇਦਾਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਉਸ ਨੇ ਇਸ ਜਾਂਚ ਨੂੰ ਸੀਬੀਆਈ ਨੂੰ ਸੌਂਪਣ ਦੀ ਮੰਗ ਵੀ ਕੀਤੀ। ਇਸ ਦਾ ਕਾਰਨ ਉਸ ਨੇ ਇਹ ਦੱਸਿਆ ਕਿ ਸਥਾਨਕ ਪੁਲਿਸ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਨਿਰਪੱਖ ਜਾਂਚ ਸਿਰਫ ਇੱਕ ਸੁਤੰਤਰ ਏਜੰਸੀ ਦੁਆਰਾ ਹੀ ਸੰਭਵ ਹੋ ਸਕੇਗੀ ਕਿਉਂਕਿ ਉਸ ਨੇ ਸ਼ੱਕ ਜਾਹਰ ਕੀਤਾ ਕਿ ਇਸ ਕਤਲ ਪਿੱਛੇ ਰੰਧਾਵਾ ਦਾ ਹੱਥ ਹੈ।

 

ਦਫ਼ਤਰ ਐਡਵੋਕੇਟ ਜਨਰਲ, ਪੰਜਾਬ ਅਨੁਸਾਰ ਪਟੀਸ਼ਨਕਰਤਾ ਵੱਲੋਂ ਕੇਸ ਤਬਦੀਲ ਕਰਨ ਦੀ ਮੰਗ ਨੂੰ ਸਪੱਸ਼ਟ ਤੌਰ 'ਤੇ ਖਾਰਜ ਕਰਦਿਆਂ ਜਸਟਿਸ ਰਮਿੰਦਰ ਜੈਨ ਦੇ ਸਿੰਗਲ ਬੈਂਚ ਨੇ ਇਹ ਪਾਇਆ ਕਿ ਪਟੀਸ਼ਨਕਰਤਾ ਪੂਰੇ ਕੇਸ ਰਾਹੀਂ ਮੀਡੀਆ ਵਿੱਚ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤ ਇਸ ਦੀ ਇਜਾਜ਼ਤ ਨਹੀਂ ਦੇਵੇਗੀ।

 

ਸਰਕਾਰੀ ਸੂਤਰਾਂ ਨੇ ਅੱਗੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਹਲਫਨਾਮੇ ਦੇ ਅਧਾਰ 'ਤੇ ਏ.ਜੀ. ਪੰਜਾਬ ਦਫ਼ਤਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਇਸ ਕੇਸ ਵਿੱਚ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 29 ਜਨਵਰੀ 2020 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

 

ਮਾਮਲੇ ਦੀ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਡੀ.ਜੀ.ਪੀ. ਵੱਲੋਂ ਬਾਰਡਰ ਰੇਂਜ ਦੇ ਆਈ.ਜੀ.ਪੀ. ਐਸ.ਪੀ.ਐਸ. ਪਰਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਗਿਆ।


ਇਨ੍ਹਾਂ ਤਿੰਨ ਦੋਸ਼ੀਆਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਬਲਵਿੰਦਰ ਸਿੰਘ ਵਾਸੀ ਢਿੱਲਵਾਂ, ਪੁਲੀਸ ਥਾਣਾ ਕੋਟਲੀ ਸੂਰਤ ਮੱਲ੍ਹੀ, ਬਟਾਲਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ, ਜਿਸ ਸਬੰਧੀ ਆਈ.ਪੀ.ਸੀ. ਦੀ ਧਾਰਾ 302,148,149 ਅਤੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਐਫ.ਆਈ.ਆਰ. ਨੰਬਰ 86 ਮਿਤੀ 19-11-2019 ਪੁਲੀਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਦਰਜ ਹੈ।

 

ਹਿਲਾਂ ਇਨ੍ਹਾਂ ਤਿੰਨ ਮੁਲਜ਼ਮਾਂ ਦਾ ਨਾਮ ਐਫ.ਆਈ.ਆਰ. ਵਿੱਚ ਦਰਜ ਕੀਤਾ ਗਿਆ ਸੀ ਅਤੇ ਪੁਲੀਸ ਦੀ ਜਾਂਚ ਦੌਰਾਨ ਬਾਅਦ ਵਿੱਚ 7 ਹੋਰ ਸ਼ੱਕੀ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:high court throws out petition seeking to name randhawa in dhilwan murder case