ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਫੁੱਲ-ਮਾਲਾ ਭੇਂਟ
ਮੁਹਾਲੀ ਦੇ ਕੌਮਾਂਤਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ ਸੀਨੀਅਰ ਦੇ ਨਾਂ ਉਤੇ ਰੱਖਿਆ ਜਾਵੇਗਾ: ਸੋਢੀ
ਪ੍ਰਸਿੱਧ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸੋਮਵਾਰ ਸ਼ਾਮ ਨੂੰ ਸੈਕਟਰ 25, ਚੰਡੀਗੜ੍ਹ ਵਿਖੇ ਸਟੇਟ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸੋਮਵਾਰ ਸਵੇਰੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਉਹ 96 ਸਾਲਾਂ ਦਾ ਸਨ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਸਵੇਰੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਸਵੇਰੇ 6:17 ਵਜੇ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਲਈ ਭਾਰਤ ਰਤਨ ਦੀ ਮੰਗ ਕੀਤੀ ਹੈ।
ਕੌਮਾਂਤਰੀ ਹਾਕੀ ਸਟਾਰ ਤੇ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦਾ ਅੰਤਿਮ ਸਸਕਾਰ ਅੱਜ ਇੱਥੇ ਬਿਜਲਈ ਸਮਸ਼ਾਨਘਾਟ ਵਿਖੇ ਪੂਰੇ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਚਿਖਾ ਨੂੰ ਅਗਨੀ ਉਨਾਂ ਦੇ ਪੋਤੇ ਕਬੀਰ ਸਿੰਘ ਨੇ ਦਿਖਾਈ, ਜਦੋਂ ਕਿ ਇਸ ਮੌਕੇ ਬਲਬੀਰ ਸਿੰਘ ਸੀਨੀਅਰ ਦੀ ਪੁੱਤਰੀ ਸੁਸ਼ਬੀਰ ਕੌਰ ਵੀ ਹਾਜ਼ਰ ਸਨ।
ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਦੇਹ ਉਤੇ ਫੁੱਲ-ਮਾਲਾ ਭੇਂਟ ਕੀਤੀ। ਪੰਜਾਬ ਪੁਲੀਸ ਦੀ ਟੁਕੜੀ ਨੇ ਹਥਿਆਰ ਪੁੱਠੇ ਕਰ ਕੇ ਅਤੇ ਹਵਾ ਵਿੱਚ ਫਾਇਰ ਕਰਕੇ ਇਸ ਮਹਾਨ ਹਾਕੀ ਸਟਾਰ ਨੂੰ ਸਤਿਕਾਰ ਭੇਟ ਕੀਤਾ।
ਇਸ ਦੌਰਾਨ ਵਿਧਾਇਕ ਤੇ ਓਲੰਪੀਅਨ ਪਰਗਟ ਸਿੰਘ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਫੁੱਲ ਮਾਲਾਵਾਂ ਭੇਟ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਤਰਫੋਂ ਚੰਡੀਗੜ੍ਹ ਦੇ ਏ.ਡੀ.ਸੀ. ਸਚਿਨ ਰਾਣਾ ਨੇ ਫੁੱਲ-ਮਾਲਾ ਭੇਂਟ ਕੀਤੀ।
ਹਾਕੀ ਇੰਡੀਆ, ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਹਾਕੀ ਪੰਜਾਬ ਦੇ ਨੁਮਾਇੰਦਿਆਂ ਨੇ ਵੀ ਫੁੱਲ ਮਾਲਾਵਾਂ ਚੜ੍ਹਾ ਕੇ ਸਤਿਕਾਰ ਭੇਂਟ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਮੁਹਾਲੀ ਦੇ ਕੌਮਾਂਤਰੀ ਹਾਕੀ ਸਟੇਡੀਅਮ ਦਾ ਨਾਂ ਬਲਬੀਰ ਸਿੰਘ ਸੀਨੀਅਰ ਦੇ ਨਾਮ ਉਤੇ ਰੱਖਿਆ ਜਾਵੇਗਾ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਢੁਕਵੇਂ ਸਮੇਂ ਉਤੇ ਕਰਨਗੇ।
ਸਸਕਾਰ ਮੌਕੇ ਉਨਾਂ ਨੂੰ ਸਤਿਕਾਰ ਭੇਟ ਕਰਨ ਲਈ ਪ੍ਰਮੁੱਖ ਸਕੱਤਰ ਹੁਸਨ ਲਾਲ, ਡਾਇਰੈਕਟਰ ਖੇਡਾਂ ਸੰਜੈ ਪੋਪਲੀ, ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਨਗਰ ਨਿਗਮ ਚੰਡੀਗੜ ਦੇ ਕਮਿਸ਼ਨਰ ਅਤੇ ਸਕੱਤਰ ਖੇਡਾਂ ਯੂ.ਟੀ. ਕੇ.ਕੇ. ਯਾਦਵ, ਡਾਇਰੈਕਟਰ ਖੇਡਾਂ ਯੂ.ਟੀ. ਤੇਜਵੀਰ ਸੈਣੀ ਅਤੇ ਵੱਖ ਵੱਖ ਵਰਗਾਂ ਦੇ ਲੋਕਾਂ ਤੋਂ ਇਲਾਵਾ ਪਰਿਵਾਰਕ ਮੈਂਬਰ, ਦੋਸਤ ਤੇ ਪ੍ਰਸੰਸਕਾਂ ਨੇ ਇਸ ਹਾਕੀ ਸਟਾਰ ਨੂੰ ਨਮ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ।
ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਰਹੀ ਸੀ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਹ ਅਰਧ ਕੌਮਾ ਵਾਲੀ ਸਥਿਤੀ ਵਿੱਚ ਸਨ। 8 ਮਈ ਨੂੰ ਤੇਜ਼ ਬੁਖ਼ਾਰ ਅਤੇ ਸਾਹ ਲੈਣ ਵਿੱਚ ਮੁਸ਼ਕਲ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਵੀ ਹੋਇਆ ਸੀ ਜੋ ਨੈਗੇਟਿਵ ਆਇਆ ਸੀ। ਬਲਬੀਰ ਸਿੰਘ ਸੀਨੀਅਰ 1948 ਲੰਦਨ ਓਲੰਪਿਕਸ, 1952 ਹੇਲਸਿੰਕੀ ਓਲੰਪਿਕ ਅਤੇ 1956 ਦੇ ਮੈਲਬਰਨ ਓਲੰਪਿਕਸ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਟੀਮ ਦੇ ਮੈਂਬਰ ਸਨ।
ਬਲਬੀਰ ਸਿੰਘ ਸੀਨੀਅਰ ਨੇ ਮੈਲਬੌਰਨ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੀ ਅਗਵਾਈ ਕੀਤੀ। ਉਹ 1975 ਵਿੱਚ ਵਰਲਡ ਕੱਪ ਜੇਤੂ ਟੀਮ ਦੇ ਕੋਚ ਸਨ ਅਤੇ ਉਨ੍ਹਾਂ ਦੇ ਕੋਚ ਹੁੰਦੇ ਹੋਏ ਟੀਮ ਨੇ 1971 ਦੇ ਵਰਲਡ ਕੱਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਉਨ੍ਹਾਂ ਨੂੰ 1957 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
..............
ਫ਼ੋਟੋ ਕੇਸ਼ਵ ਸਿੰਘ/ਹਿੰਦੁਸਤਾਨ ਟਾਇਮਜ਼