ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ 'ਚ ਬਣੇਗਾ ਕੈਂਸਰ ਹਸਪਤਾਲ, ਕੈਪਟਨ ਨੇ ਰਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਥੇ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਕੰਢੀ ਖੇਤਰ ਦੇ ਵਿਕਾਸ ਨੂੰ ਨਵੀਆਂ ਸਿੱਖਰਾਂ 'ਤੇ ਲਿਜਾਇਆ ਜਾਵੇਗਾ।
 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕੁੱਲ 150.85 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਵਿੱਚ ਕੈਂਸਰ ਹਸਪਤਾਲ, ਜਲੰਧਰ ਕੈਂਟ-ਹੁਸ਼ਿਆਰਪੁਰ ਲਾਈਨ 'ਤੇ ਰੇਲਵੇ ਓਵਰ ਬ੍ਰਿਜ, ਸਰਕਾਰੀ ਕਾਲਜ ਵਿੱਚ ਲੜਕੀਆਂ ਲਈ ਹੋਸਟਲ, ਨਵੀਂ ਲਾਇਬ੍ਰੇਰੀ, ਕਮਿਉਨਿਟੀ ਸੈਂਟਰ, ਫੂਡ ਸਟਰੀਟ ਅਤੇ ਖੇਡ ਸਟੇਡੀਅਮ ਵਿੱਚ ਮਲਟੀਪਰਪਜ਼ ਇੰਡੋਰ ਹਾਲ ਦੀ ਸਥਾਪਤੀ ਸ਼ਾਮਲ ਹੈ।

 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਾਮਚੁਰਾਸੀ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਢੋਲਵਾਹਾ ਵਿਖੇ ਸਰਕਾਰੀ ਕਾਲਜ ਬਣਾਉਣ ਲਈ ਕਾਰਵਾਈ ਅਰੰਭ ਦਿੱਤੀ ਗਈ ਹੈ ਅਤੇ ਇਸ ਸਬੰਧੀ ਟੈਂਡਰ ਪ੍ਰਾਪਤ ਹੋ ਚੁੱਕੇ ਹਨ।

 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਦੋ ਹੋਰ ਸਰਕਾਰੀ ਕਾਲਜ ਚੱਬੇਵਾਲ ਅਤੇ ਦਸੂਹਾ ਵਿੱਚ ਬਣਾਏ ਜਾਣਗੇ, ਜਿਸ ਸਬੰਧੀ ਪਿੱਛੇ ਜਿਹੇ ਪੇਸ਼ ਕੀਤੇ ਬਜ਼ਟ ਵਿੱਚ ਵੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਖੇਤਰ ਦੀਆਂ ਕਈ ਮੰਗਾਂ ਹਨ, ਜਿਨਾਂ ਨੂੰ ਆਪਣੀ ਬਣਦੀ ਡਿਊਟੀ ਤਹਿਤ ਲੋਕਾਂ ਦੀ ਭਲਾਈ ਲਈ ਸਰਕਾਰ ਨੇ ਪੁਰ ਕਰਨ ਦੀ ਕੋਸ਼ਿਸ਼ ਕੀਤੀ ਹੈ।
 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਵਿਕਸਿਤ ਕਰ ਰਹੀ ਹੈ, ਜਿਨ੍ਹਾਂ ਲਈ ਕੌਮਾਂਤਰੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਧੁਰ ਵਜੋਂ ਵਿਕਸਿਤ ਕਰਨਾ ਚਾਹੁੰਦੀ ਹੈ ਤਾਂ ਜੋ ਉਦਯੋਗਿਕ ਇਕਾਈਆਂ ਸੂਬੇ ਵਿੱਚੋਂ ਪ੍ਰਤਿਭਾਵਾਨ ਨੌਜਵਾਨਾਂ ਨੂੰ ਚੁਣ ਸਕਣ। ਉਨ੍ਹਾਂ ਕਿਹਾ ਕਿ ਇਹ ਯਤਨ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ, ਇਥੇ ਹੀ ਢੁਕਵਾਂ ਰੋਜ਼ਗਾਰ ਮੁਹੱਈਆ ਕਰਵਾਏਗਾ ਅਤੇ ਮੁੜ ਉਨ੍ਹਾਂ ਨੂੰ ਆਪਣੇ ਰਾਜ ਵਿੱਚ ਹੀ ਚੰਗੀ ਸਿੱਖਿਆ ਅਤੇ ਨੌਕਰੀਆਂ ਪ੍ਰਦਾਨ ਕਰਵਾਏਗਾ।


ਪਠਾਨਕੋਟ ਤੋਂ ਚੰਡੀਗੜ੍ਹ ਤੱਕ ਉਦਯੋਗ ਪੱਟੀ ਵਿਕਸਿਤ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਜਲਦ ਹੀ ਇਸ ਲਈ ਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ 'ਨਿਵੇਸ਼ ਪੰਜਾਬ' ਤਹਿਤ 65,000 ਕਰੋੜ ਰੁਪਏ ਦੇ ਸਮਝੌਤੇ ਸਹੀਬੱਧ ਕਰ ਲਏ ਗਏ, ਜਿਨ੍ਹਾਂ ਵਿੱਚੋਂ 36,000 ਕਰੋੜ ਰੁਪਏ ਦੇ ਪ੍ਰੋਜੈਕਟਾਂ 'ਤੇ ਜ਼ਮੀਨੀ ਪੱਧਰ 'ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ।

 

ਰਾਜ ਅੰਦਰ ਧਰਤੀ ਹੇਠਲੇ ਪਾਣੀ ਵਿਚਲੇ ਖਰਾਬੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕੈਂਸਰ ਦਾ ਫੈਲਾਅ ਹੋ ਰਿਹਾ ਹੈ ਅਤੇ ਇਸ ਦੀ ਰੋਕਥਾਮ ਲਈ ਉਨ੍ਹਾਂ ਦੀ ਸਰਕਾਰ ਸਮੂਹ ਸ਼ਹਿਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਏਗੀ।

 

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਰਕਾਰ ਦੀ ਤਰਜ਼ੀਹ ਹੈ।

 

ਕੈਂਸਰ ਦੀ ਰੋਕਥਾਮ ਲਈ ਹਸਪਤਾਲਾਂ ਦੀ ਉਸਾਰੀ ਸਬੰਧੀ ਉਨ੍ਹਾਂ ਕਿਹਾ ਕਿ ਦੱਖਣੀ ਪੰਜਾਬ ਵਿੱਚ ਪਹਿਲਾਂ ਹੀ ਕੈਂਸਰ ਹਸਪਤਾਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਹੁਣ ਉਤਰੀ ਪੰਜਾਬ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਹੋਮੀ ਭਾਬਾ ਕੈਂਸਰ ਹਪਸਤਾਲ ਸ਼ੁਰੂ ਕਰਨ ਦੇ ਨਾਲ-ਨਾਲ ਫਾਜ਼ਿਲਕਾ ਵਿੱਚ ਵੀ ਕੈਂਸਰ ਹਪਸਤਾਲ ਸਥਾਪਤ ਕੀਤਾ ਜਾ ਰਿਹਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਛਾਉਣੀ-ਹੁਸ਼ਿਆਰਪੁਰ ਰੇਲ ਲਾਈਨ 'ਤੇ 1.42 ਕਿਲੋਮੀਟਰ ਲੰਬਾਈ ਵਾਲਾ ਰੇਲਵੇ ਓਵਰ ਬ੍ਰਿਜ ਬਣਾਇਆ ਜਾਵੇਗਾ, ਜਿਸ 'ਤੇ ਕੁੱਲ 81 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚੋਂ 35.6 ਕਰੋੜ ਰੁਪਏ ਪਜੰਾਬ ਸਰਕਾਰ ਅਤੇ ਬਾਕੀ ਰਹਿੰਦੇ 45.4 ਕਰੋੜ ਕੇਂਦਰ ਸਰਕਾਰ ਵਲੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬ੍ਰਿਜ ਬਣਨ ਨਾਲ ਨਾ ਸਿਰਫ ਹੁਸ਼ਿਆਰਪੁਰ ਸਗੋਂ ਪੂਰੇ ਖਿੱਤੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਨਿਰਵਿਘਨ ਆਵਾਜਾਈ ਯਕੀਨੀ ਹੋਵੇਗੀ।


ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਹੇਠਲੇ ਪੱਧਰ 'ਤੇ ਖੇਡ ਕੇਂਦਰ ਸਥਾਪਤ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਲਾਜਵੰਤੀ ਸਪੋਰਟਸ ਕੰਪਲੈਕਸ ਅੰਦਰ 7 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇੰਡੋਰ ਹਾਲ ਬਣਾਇਆ ਜਾਵੇਗਾ, ਜੋ ਕਿ ਨੌਜਵਾਨ ਖਿਡਾਰੀਆਂ ਲਈ ਲਾਹੇਵੰਦ ਸਾਬਤ ਹੋਵੇਗਾ।
 

ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸਥਾਨਕ ਸਰਕਾਰੀ ਕਾਲਜ ਵਿੱਚ 2.42 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਅਤੇ 4.19 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਦਾ ਹੋਸਟਲ ਉਸਾਰਿਆ ਜਾਵੇਗਾ।

 

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਬਾਬਤ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਤੱਕ 6.2 ਲੱਖ ਨੌਜਵਾਨਾਂ ਨੂੰ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਸਕੀਮ ਤਹਿਤ ਵੱਖ-ਵੱਖ ਖੇਤਰਾਂ ' ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।


ਕਮਿਉਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਦਿਆਂ ਉਨ੍ਹਾਂ ਕਿਹਾ ਕਿ 6.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸੈਂਟਰ ਲਈ 3 ਕਰੋੜ ਰੁਪਏ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ' ਵਿੱਚੋਂ ਦਿੱਤੇ ਜਾਣਗੇ। ਇਸੇ ਤਰ੍ਹਾਂ 5.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਫੂਡ ਸਟਰੀਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਫੂਡ ਸਟਰੀਟ ਖੇਤਰ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰੇਗੀ।

 

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪਟਿਆਲਾ ਅਤੇ ਬਠਿੰਡਾ ਵਿੱਚ ਵੀ ਫੂਡ ਸਟਰੀਟ ਸਥਾਪਿਤ ਕਰਨ ਦੀ ਤਜਵੀਜ਼ ਹੈ, ਜੋ ਕਿ ਬਾਅਦ ਵਿੱਚ ਬਾਕੀ ਸ਼ਹਿਰਾਂ ਵਿੱਚ ਵੀ ਸਥਾਪਤ ਕੀਤੀਆਂ ਜਾਣਗੀਆਂ।


ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵਲੋਂ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਉਨ੍ਹਾਂ ਦੇ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ।


ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਨੂੰ ਕੈਂਸਰ ਹਸਪਤਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਹਸਪਤਾਲ ਇਕਲੇ ਹੁਸ਼ਿਆਰਪੁਰ ਜਾਂ ਦੋਆਬਾ ਖੇਤਰ ਲਈ ਨਹੀਂ ਸਗੋਂ ਗਵਾਂਢੀ ਰਾਜਾਂ ਹਿਮਾਚਲ ਪ੍ਰਦੇਸ਼ ਆਦਿ ਦੇ ਲੋਕਾਂ ਲਈ ਵੀ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਏਗਾ। ਸ਼ਹਿਰ ਵਿੱਚ ਬਣਨ ਵਾਲੇ ਆਰ..ਬੀ. ਸਬੰਧੀ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਰਹੀ ਮੰਗ ਹੋਈ ਹੈ ਅਤੇ ਅੱਜ ਰੱਖੇ 7 ਪ੍ਰੋਜੈਕਟਾਂ ਦੇ ਮੁਕੰਮਲ ਹੋਣ 'ਤੇ ਖੇਤਰ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।

 

ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਬਣ ਰਹੇ ਨਵੇਂ ਕੋਰਟ ਕੰਪਲੈਕਸ ਵਿੱਚ ਚੈਂਬਰ ਬਣਾਉਣ ਲਈ ਲੋੜੀਂਦੀ ਗਰਾਂਟ ਦੀ ਵਕੀਲਾਂ ਵਲੋਂ ਰੱਖੀ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।


ਉਦਯੋਗ ਮੰਤਰੀ ਵਲੋਂ ਰੱਖੀ ਵਕੀਲਾਂ ਦੀ ਮੰਗ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੀਤੀ ਤਹਿਤ ਜ਼ਮੀਨ ਹੀ ਮੁਹੱਈਆ ਕਰਵਾਈ ਜਾ ਸਕਦੀ ਹੈ। ਉਨ੍ਹਾਂ ਵਕੀਲਾਂ ਨੂੰ ਕਿਹਾ ਕਿ ਉਹ 5 ਮੈਂਬਰੀ ਕਮੇਟੀ ਬਣਾ ਕੇ ਵਿਸਥਾਰਤ ਖਾਕਾ ਸਰਕਾਰ ਨੂੰ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਅਖਤਿਆਰੀ ਫੰਡ ਵਿੱਚੋਂ ਜ਼ਰੂਰ ਯੋਗਦਾਨ ਪਾਉਣਗੇ।
 

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ, ਸ੍ਰੀ ਪਵਨ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਸ੍ਰੀ ਅਰੁਣ ਡੋਗਰਾ, ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਸਾਬਕਾ ਐਮ.ਪੀ. ਸ੍ਰੀ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਆਦਿ ਹਾਜ਼ਰ ਸਨ। ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਵੀ ਮੌਜੂਦ ਸਨ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In Hoshiarpur in a cancer hospital Singh laid the foundation stone