ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਆਗਾਜ਼ ਹੋ ਚੁੱਕਾ ਹੈ। ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ ‘ਚ ਕਬੱਡੀ ਦੇ 2 ਮੁਕਾਬਲੇ ਖੇਡੇ ਗਏ।
ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਤੇ ਅਮਰੀਕਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਭਾਰਤੀ ਟੀਮ ਨੇ ਸ਼ਾਨਦਾਰ ਖੇਡ ਵਿਖਾਉਂਦਿਆਂ ਇੰਗਲੈਂਡ ਨੂੰ 54-36 ਅੰਕਾਂ ਦੇ ਫਰਕ ਨਾਲ ਹਰਾ ਦਿੱਤਾ। ਉੱਧਰ ਕੈਨੇਡਾ ਨੇ 53-26 ਅੰਕਾਂ ਦੇ ਫਰਕ ਨਾਲ ਅਮਰੀਕਾ ਨੂੰ ਮਾਤ ਦਿੱਤੀ।

ਜ਼ਿਕਰਯੋਗ ਹੈ ਕਿ 1 ਦਸੰਬਰ ਤੋਂ ਸ਼ੁਰੂ ਹੋਏ ਕਬੱਡੀ ਦੇ ਮਹਾਕੁੰਭ 'ਚ ਸੁਲਤਾਨਪੁਰ ਲੋਧੀ 'ਚ ਪਹਿਲੇ ਦਿਨ 3 ਮੁਕਾਬਲੇ ਖੇਡੇ ਗਏ। ਇਨ੍ਹਾਂ 'ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਨੇ ਜਿੱਤ ਦਰਜ ਕੀਤੀ ਸੀ।
ਇਹ ਟੂਰਨਾਮੈਂਟ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ।
ਇਸ ਟੂਰਨਾਮੈਂਟ ‘ਚ ਵੱਖ-ਵੱਖ ਦੇਸ਼ਾਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ 'ਚ ਪੂਲ ਏ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀਲੰਕਾ, ਜਦਕਿ ਪੂਲ ਬੀ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਦੀਆਂ ਟੀਮਾਂ ਸ਼ਾਮਿਲ ਹੋਈਆਂ ਹਨ।