ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਕਰਵਾਏ ਜਾ ਰਹੇ ਹਨ। ਅੱਜ ਕੌਮਾਂਤਰੀ ਕਬੱਡੀ ਕੱਪ ਦੇ 2 ਸੈਮੀਫਾਈਨਲ ਮੈਚ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਖੇਡੇ ਗਏ। ਇਸ ਦੌਰਾਨ ਭਾਰਤ ਅਤੇ ਕੈਨੇਡਾ ਦੀਆਂ ਟੀਮਾਂ ਨੇ ਫਾਈਨਲ 'ਚ ਥਾਂ ਬਣਾ ਲਈ ਹੈ। ਫਾਈਨਲ ਮੈਚ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਖੇਡਿਆ ਜਾਵੇਗਾ।
ਸੈਮੀਫਾਈਨਲ ਮੈਚ ਦੇ ਉਦਘਾਟਨ ਸਮਾਰੋਹ 'ਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮਾਂਤਰੀ ਪੱਧਰ ਦਾ ਖੇਡ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਦਰਸ਼ਕ ਇਨ੍ਹਾਂ ਖੇਡਾਂ ਨੂੰ ਦੇਖਣ ਲਈ ਆਏ ਹਨ ਅਤੇ ਇਹ ਦਰਸਾਉਂਦਾ ਹੈ ਕਿ ਖੇਡਾਂ ਲਈ ਲੋਕਾਂ ਵਿੱਚ ਕਿੰਨੀ ਰੁਚੀ ਹੈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮਾਂਤਰੀ ਕਬੱਡੀ ਕੱਪ ਦਾ ਅੱਜ ਪਹਿਲਾ ਮੈਚ ਕੈਨੇਡਾ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ ਹੈ। ਇਸ 'ਚ ਕੈਨੇਡਾ ਨੇ ਇੰਗਲੈਂਡ ਨੂੰ 45-29 ਦੇ ਫਰਕ ਨਾਲ ਹਰਾ ਦਿੱਤਾ ਹੈ। ਇਸ ਮੈਚ ਦੌਰਾਨ ਕੈਨੇਡਾ ਦੀ ਟੀਮ ਨੇ 45 ਅੰਕ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ। ਇੰਗਲੈਂਡ ਦੀ ਟੀਮ ਸਿਰਫ 29 ਅੰਕਾਂ 'ਤੇ ਹੀ ਸਿਮਟ ਗਈ।
ਦੂਜਾ ਮੈਚ ਭਾਰਤ ਅਤੇ ਅਮਰੀਕਾ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਭਾਰਤ ਨੇ ਅਮਰੀਕਾ ਨੂੰ 59-31 ਅੰਕਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ 59 ਅੰਕ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਅਤੇ ਅਮਰੀਕਾ ਦੀ ਟੀਮ ਸਿਰਫ 29 ਅੰਕ ਹੀ ਪ੍ਰਾਪਤ ਕਰ ਸਕੀ।
ਜ਼ਿਕਰਯੋਗ ਹੈ ਕਿ 1 ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਨੇ ਸ਼ਿਰਕਤ ਕੀਤੀ।