ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਜਾਣਗੇ। ਜਗਮੀਤ ਸਿੰਘ ਬਰਾੜ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਹ ਸ਼ੁੱਕਰਵਾਰ ਨੂੰ ਮੁਕਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਜਗਮੀਤ ਬਰਾੜ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਜਗਮੀਤ ਬਰਾੜ ਕਾਂਗਰਸ ਪਾਰਟੀ ਵੱਲੋਂ 1998 ਦੀਆਂ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਜਿੱਤ ਮਿਲੀ ਸੀ। ਜਗਮੀਤ ਬਰਾੜ ਕਾਂਗਰਸ ਵਿਚ ਵੀ ਅਹੁਦਿਆਂ ਉਤੇ ਰਹੇ ਹਨ। ਜਗਮੀਤ ਬਰਾੜ ਨੇ ਕਾਂਗਰਸ ਪਾਰਟੀ ਤੋਂ ਬਾਹਰ ਹੋ ਜਾਣ ਬਾਅਦ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਪਿੱਛੋਂ ਉਨ੍ਹਾਂ ਕੁਝ ਮਹੀਨੇ ਪਹਿਲਾਂ ਹੀ ਤ੍ਰਿਣਮੂਲ ਕਾਂਗਰਸ ਨਾਲੋਂ ਵੀ ਆਪਣਾ ਨਾਤਾ ਤੋੜ ਲਿਆ ਸੀ।
ਇਹ ਵੀ ਚਰਚਾ ਚੱਲ ਰਹੀ ਹੈ ਕਿ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ।