ਖਰੜ ਤੋਂ ਵਿਧਾਇਕ ਸ੍ਰੀ ਕੰਵਰ ਸੰਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਕਾਂਗਰਸ ਉੱਤੇ ਲਾਏ ਉਨ੍ਹਾਂ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ ਕਿ ਮਾਨਸਾ ਤੋਂ ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਕਰੋੜਾਂ ਰੁਪਏ ਦੇ ਕੇ ਖ਼ਰੀਦਿਆ ਗਿਆ ਹੈ। ਚੇਤੇ ਰਹੇ ਕਿ ਸ੍ਰੀ ਮਾਨਸ਼ਾਹੀਆ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਇੱਕ ਪੰਜਾਬੀ ਨਿਊਜ਼ ਚੈਨਲ ਨੂੰ ਦਿੱਤੇ ਸੰਖੇਪ ਇੰਟਰਵਿਊ ਦੌਰਾਨ ਸ੍ਰੀ ਸੰਧੂ ਨੇ ਕਿਹਾ ਕਿ ਸ੍ਰੀ ਮਾਨਸ਼ਾਹੀਆ ਨੂੰ ਜ਼ਿਮਨੀ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ ਬਣਾਉਣ ਦਾ ਵਾਅਦਾ ਜ਼ਰੂਰ ਕੀਤਾ ਗਿਆ ਹੋ ਸਕਦਾ ਹੈ ‘ਪਰ ਜਿੱਥੋਂ ਤੱਕ ਮੈਂ ਮਾਨਸ਼ਾਹੀਆ ਨੂੰ ਜਾਣਦਾ ਹਾਂ, ਮੈਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੂੰ ਕੋਈ ਰੁਪਏ ਦਿੱਤੇ ਗਏ ਹੋਣਗੇ। ਹਾਂ ਉਨ੍ਹਾਂ ਨੂੰ ਜ਼ਿਮਨੀ ਚੋਣਾਂ ’ਚ ਉਮੀਦਵਾਰ ਬਣਾਉਣ ਜਾਂ ਉਨ੍ਹਾਂ ਦੀ ਮਦਦ ਕਰਨ ਜਾਂ ਉਨ੍ਹਾਂ ਨੂੰ ਕੋਈ ਅਹੁਦਾ ਦੇਣ ਦਾ ਵਾਅਦਾ ਜ਼ਰੂਰ ਕੀਤਾ ਗਿਆ ਹੋ ਸਕਦਾ ਹੈ।’
ਸ੍ਰੀ ਸੰਧੂ ਨੇ ਮਾਨਸ਼ਾਹੀਆ ਵੱਲੋਂ ਕਾਂਗਰਸ ਪਾਰਟੀ ’ਚ ਜਾਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਵੀ ਅਜਿਹੀ ਗ਼ਲਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹ–ਚਿਰੇ ਫ਼ਾਇਦੇ ਲਈ ਉਹ ਇੰਝ ਕਿਸੇ ਪਾਰਟੀ ਵਿੱਚ ਜਾਣ ਦਾ ਕਦਮ ਨਾ ਚੁੱਕਣ ਕਿਉਂਕਿ ਇੰਝ ਉਨ੍ਹਾਂ ਦਾ ਕੋਈ ਲਾਭ ਨਹੀਂ ਹੋਣਾ।
ਚੇਤੇ ਰਹੇ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇੱਕ ਵਿਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਉਸ ਵਿਡੀਓ ਵਿੱਚ ਸ੍ਰੀ ਵੜਿੰਗ ਖ਼ੁਦ ਆਮ ਆਦਮੀ ਪਾਰਟੀ ਦੇ ਇੱਕ ਆਗੂ ਨੂੰ 50,000 ਰੁਪਏ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਕਰਦੇ ਦਿਸਦੇ ਹਨ। ਉਂਝ ਸ੍ਰੀ ਵੜਿੰਗ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ।
ਉੱਧਰ ਸ੍ਰੀ ਭਗਵੰਤ ਮਾਨ ਨੇ ਕੱਲ੍ਹ ਸੰਗਰੂਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਦੋਸ਼ ਲਾਇਆ ਸੀ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਵਿਧਾਇਕਾਂ ਨੂੰ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਉਹ ਅੱਜ ਐਤਵਾਰ ਨੂੰ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨਗੇ।