ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਫ਼ਰੀਦਕੋਟ ਜਿ਼ਲ੍ਹਾ ਕਨਵੈਨਸ਼ਨ ਦੌਰਾਨ ਬਾਗ਼ੀਆਂ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਲਏ ਗਏ ਉਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ‘ਅੰਤ੍ਰਿਮ ਪ੍ਰਧਾਨ` ਐਲਾਨਿਆ ਗਿਆ ਸੀ। ਇਹ ਫ਼ੈਸਲਾ ਕੱਲ੍ਹ 21 ਅਗਸਤ ਨੂੰ ਲਿਆ ਗਿਆ ਸੀ ਪਰ ਸ੍ਰੀ ਖਹਿਰਾ ਨੇ ਉਸ ਫ਼ੈਸਲੇ ਨੂੰ ਮੰਨਣ ਤੋਂ ਅੱਜ ਇਨਕਾਰ ਕਰ ਦਿੱਤਾ। ਉਹ ਕੋਟਕਪੂਰਾ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਖਹਿਰਾ ਨੇ ਕਿਹਾ ਕਿ ਉਹ ਕਮੇਟੀ ਦੇ ਫ਼ੈਸਲੇ ਦਾ ਤਾਂ ਸਤਿਕਾਰ ਕਰਦੇ ਹਨ ਪਰ ਉਹ ਪਾਰਟੀ ਲਈ ਸਿਰਫ਼ ਇੱਕ ਵਲੰਟੀਅਰ ਵਜੋਂ ਕੰਮ ਕਰਨਾ ਚਾਹੁੰਦੇ ਹਨ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਐੱਮਪੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਸੀ ਕਿ ਸ੍ਰੀ ਖਹਿਰਾ ਸਿਰਫ਼ ਆਪਣੇ ਲਈ ਉੱਚ ਅਹੁਦੇ ਚਾਹੁੰਦੇ ਹਨ।
ਸ੍ਰੀ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਇਕਾਈ ਦੀ ਕਾਰਗੁਜ਼ਾਰੀ ਕੋਈ ਬਹੁਤੀ ਵਧੀਆ ਨਹੀਂ ਰਹੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ `ਤੇ ਵੀ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਉਹ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ `ਤੇ ਕੋਈ ਕਾਰਵਾਈ ਕਰਨ ਤੋਂ ਨਾਕਾਮ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਉੱਚ ਅਧਿਕਾਰੀਆਂ ਨੂੰ ਬਚਾਉਣ ਦੇ ਜਤਨ ਕੀਤੇ ਜਾ ਰਹੇ ਹਨ ਅਤੇ ਜੂਨੀਅਰ ਅਧਿਕਾਰੀਆਂ ਨੂੰ ਬਲੀ ਦੇ ਬੱਕਰੇ ਬਣਾਇਆ ਜਾ ਰਿਹਾ ਹੈ।
ਸ੍ਰੀ ਖਹਿਰਾ ਨੇ ਕਿਹਾ,‘ਅਸੀਂ ਆਮ ਆਦਮੀ ਪਾਰਟੀ ਨੂੰ ਛੱਡ ਨਹੀਂ ਰਹੇ। ਅਸੀਂ ਤਾਂ ਸਿਰਫ਼ ਇਸ ਦੀ ਸਫ਼ਾਈ ਕਰ ਕੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਦਾ ਜਤਨ ਕਰ ਰਹੇ ਹਾਂ।`
ਆਮ ਆਦਮੀ ਪਾਰਟੀ ਦੇ ਇੱਕ ਹੋਰ ਬਾਗ਼ੀ ਵਿਧਾਇਕ ਕੰਵਰ ਸੰਧੂ ਨੇ ਭਗਵੰਤ ਮਾਨ ਦਾ ਨਾਂਅ ਲਏ ਬਿਨਾ ਉਨ੍ਹਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸੂਬਾ ਇਕਾਈ ਵਿੱਚ ਖ਼ੁਦਮੁਖ਼ਤਿਆਰੀ ਬਾਰੇ ਲਗਾਤਾਰ ਆਵਾਜ਼ ਉਠਾਉਂਦੇ ਰਹੇ ਹਾਂ ਪਰ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਸੀ।