ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਨੇ ਦੀ ਅਗਵਾਈ ਕੀਤੀ, ਜਦਕਿ ਇਸ ਧਰਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰਾਨ, ਅਧਿਕਾਰੀ ਤੇ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ।
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਅਕਾਲੀ ਦਲ ਨੇ ਕੱਲ੍ਹ ਵੀਰਵਾਰ ਨੂੰ ਇਸ ਧਰਨੇ ਦੀ ਸ਼ੁਰੂਆਤ ਕੀਤੀ ਸੀ।
ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ’ਚ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵੱਡਾ ਜੱਥਾ ਰੋਸ ਧਰਨੇ ਵਾਲੇ ਸਥਾਨ ’ਤੇ ਪੁੱਜਾ, ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।
ਇਸ ਮੌਕੇ ਭਾਈ ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਤਿਹਾਸ ਨਾਲ ਛੇੜ-ਛਾੜ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਸੋਚੀ ਸਮਝੀ ਚਾਲ ਤਹਿਤ ਕੀਤੀ ਕਾਰਵਾਈ ਕਰਾਰ ਦਿੱਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਇਸ ਘਨੌਣੀ ਹਰਕਤ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਿੱਖ ਜਗਤ ਦੀ ਮੰਗ ਹੈ ਕਿ ਜਿੰਨਾ ਚਿਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨੀ ਦੇਰ ਸਿੱਖ ਪੰਥ ਦਾ ਰੋਹ ਸ਼ਾਂਤ ਨਹੀਂ ਹੋਵੇਗਾ।