ਮੋਗਾ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਮੱਲ੍ਹਕੇ 'ਚ ਨਵੰਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਮੁੱਖ ਗਵਾਹ ਸੇਵਕ ਸਿੰਘ ਨੂੰ ਗਵਾਹੀ ਤੋਂ ਮੁੱਕਰਨ ਲਈ 15 ਲੱਖ ਰੁਪਏ ਦਾ ਚੈੱਕ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਮਾਮਲਾ ਹੁਣ ਹਾਈ ਕੋਰਟ ਪਹੁੰਚ ਗਿਆ ਹੈ। ਸੇਵਕ ਸਿੰਘ ਨੇ ਪਟੀਸ਼ਨ ਦਾਖਲ ਕਰ ਕੇ ਆਪਣੀ ਤੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ| ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਸੇਵਕ ਸਿੰਘ ਵੱਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਹ ਬੇਅਦਬੀ ਮਾਮਲੇ 'ਚ ਮੁੱਖ ਗਵਾਹ ਹੈ। ਉਸ ਨੂੰ ਪਹਿਲਾਂ ਦੋ ਲੱਖ ਰੁਪਏ ਦਾ ਲਾਲਚ ਦਿੱਤਾ ਗਿਆ ਸੀ ਤਾ ਕਿ ਉਹ ਗਵਾਹੀ ਨਾ ਦੇਵੇ। ਇਸ ਮਗਰੋਂ ਉਸ ਨੂੰ ਮੁੜ 15 ਲੱਖ ਦਾ ਚੈੱਕ ਦਿੱਤਾ ਗਿਆ। ਪਰ ਜਦੋਂ ਉਹ ਫਿਰ ਵੀ ਨਾ ਮੰਨਿਆ ਤਾਂ ਉਸ ਨੂੰ ਦੋ ਮੋਬਾਈਲ ਨੰਬਰਾਂ 81968-87175 ਤੇ 97307-10700 ਤੋਂ ਧਮਕੀਆਂ ਆਉਣ ਲੱਗ ਗਈਆਂ।
ਪਟੀਸ਼ਨ `ਚ ਕਿਹਾ ਗਿਆ ਹੈ ਕਿ ਮੁਲਜਮਾਂ ਨੂੰ ਸੁਰੱਖਿਆ ਦਿੱਤੀ ਹੋਈ ਹੈ ਅਤੇ ਸ਼ਿਕਾਇਤਕਰਤਾ ਨੂੰ ਧਮਕੀਆਂ ਮਿਲ ਰਹੀਆਂ ਹਨ। ਪਟੀਸ਼ਨ 'ਚ ਦੱਸਿਆ ਗਿਆ ਕਿ ਸੇਵਕ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਜਾਨ ਨੂੰ ਖਤਰਾ ਹੈ। ਇਸ ਲਈ ਉਸ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।