ਨਸ਼ਿਆਂ ਦੀ ਸਮੱਗਲਿੰਗ ਰੋਕਣ ਦੇ ਮੁੱਦੇ ਉੱਤੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਇੱਕ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖ਼ੁਦ ਇਸ ਬਾਰੇ ਆਪਣੇ ਇੱਕ ਟਵੀਟ ਰਾਹੀਂ ਇਸ ਮੀਟਿੰਗ ਬਾਰੇ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਮੁੱਖ ਮੰਤਰੀਆਂ ਦੇ ਵੀ ਮੌਜੁਦ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਤੇ ਚੰਡੀਗੜ੍ਹ ਦੇ ਉੱਚ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਅੱਜ ਦੀ ਇਹ ਮੀਟਿੰਗ ਬਹੁਤ ਲਾਹੇਵੰਦ ਰਹੇਗੀ ਤੇ ਇਸ ਤੋਂ ਬਾਅਦ ਇੱਕਜੁਟਤਾ ਨਾਲ ਨਸ਼ਿਆਂ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇਗੀ।
ਇੱਥੇ ਵਰਨਣਯੋਗ ਹੈ ਕਿ ਅਜੋਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਤਾਂ ਬਹੁਤ ਵਾਰ ਕੇਂਦਰ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਬਾਰੇ ਇੱਕ ਕੌਮੀ ਨੀਤੀ ਉਲੀਕਣ ਦੀ ਅਪੀਲ ਕਰ ਚੁੱਕੇ ਹਨ।
ਪੰਜਾਬ ਵਿੱਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਵੱਡੇ ਪੱਧਰ ਉੱਤੇ ਸ਼ਿਕਾਰ ਹੈ ਪਰ ਸਮੇਂ–ਸਮੇਂ ਦੀਆਂ ਸਰਕਾਰਾਂ ਇਹ ਹਕੀਕਤ ਮੰਨਣ ਲਈ ਕਦੇ ਵੀ ਪੂਰੀ ਤਰ੍ਹਾਂ ਤਿਆਰ ਨਹੀਂ ਹੁੰਦੀਆਂ।
ਹੁਣ ਇੰਨੇ ਸੂਬਿਆਂ ਦਾ ਇਸ ਮੁੱਦੇ ਉੱਤੇ ਇਕੱਠੇ ਹੋਣਾ ਹੀ ਦਰਸਾਉਂਦਾ ਹੈ ਕਿ ਮਾਮਲਾ ਹੁਣ ਗੰਭੀਰ ਰੂਪ ਅਖ਼ਤਿਆਰ ਕਰ ਚੁੱਕਾ ਹੈ।