ਪੰਜਾਬ ਸਰਕਾਰ ਅੱਜ-ਕੱਲ੍ਹ ਝੋਨੇ ਦੀ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਸਖ਼ਤ ਕਾਰਵਾਈ ਕਰਨ ਲਈ ਪ੍ਰਤੀਬੱਧ ਹੈ। ਪੰਜਾਬ ਸਰਕਾਰ ਵੱਲੋਂ ਹੁਣ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਾਰ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਪੰਚਾਇਤੀ ਰਾਜ ਐਕਟ ਵਿੱਚ ਸੋਧ ਕਰੇਗੀ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਸ. ਬਾਜਵਾ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕੁਝ ਕਾਨੂੰਨ ਸਖਤੀ ਵੀ ਵਰਤੀ ਜਾ ਰਹੀ ਹੈ।
ਸਰਕਾਰ ਵਲੋਂ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ ਉੱਤੇ ਵੀ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ।ਜਿਸ ਨਾਲ ਪਹਿਲਾਂ ਨਾਲੋਂ ਲਗਭਗ 40 ਫੀਸਦੀ ਪਰਾਲੀ ਸਾੜਨ ਵਿਚ ਕਮੀ ਆਈ ਹੈ।