ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਗਰੂਰ ਹਲਕੇ ਤੋਂ ਐੱਮਪੀ ਸ੍ਰੀ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਤੁਰੰਤ ਜ਼ਬਤ ਕੀਤੇ ਜਾਣੇ ਚਾਹੀਦੇ ਹਨ।
ਅੱਜ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਇਹ ਤਿਕੜੀ ਗ੍ਰਿਫ਼ਤਾਰੀਆਂ ਤੋਂ ਬਚਣ ਲਈ ਦੇਸ਼ ਛੱਡ ਕੇ ਫ਼ਰਾਰ ਵੀ ਹੋ ਸਕਦੀ ਹੈ। ਇੱਥੇ ਵਰਨਣਯੋਗ ਹੈ ਕਿ SIT (Special Investigation Team – ਵਿਸ਼ੇਸ਼ ਜਾਂਚ ਟੀਮ) ਵੱਲੋਂ ਬਹਿਬਲ ਕਲਾਂ ਗੋਲੀਕਾਂਡ ਵਿੱਚ ਪਿਛਲੇ ਕੁਝ ਸਮੇਂ ਤੋਂ ਦੋ ਪ੍ਰਮੁੱਖ ਪੁਲਿਸ ਅਧਿਕਾਰੀਆਂ – ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿ਼ਫ਼ਤਾਰੀਆਂ ਹੋਈਆਂ ਹਨ। ਸ੍ਰੀ ਮਾਨ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਇਨ੍ਹਾਂ ਤਿੰਨਾਂ ਦੇ ਪਾਸਪੋਰਟ ਜ਼ਬਤ ਕਰ ਲੈਣੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉੱਚ–ਪੱਧਰੀ ਸੂਤਰਾਂ ਮੁਤਾਬਕ ਸੁਖਬੀਰ ਬਾਦਲ ਦੇਸ਼ ਛੱਡ ਕੇ ਜਾਣ ਦੀ ਯੋਜਨਾ ਉਲੀਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ SIT ਨੂੰ ਬਿਲਕੁਲ ਖੁੱਲ੍ਹਾ ਛੱਡ ਦੇਣਾ ਚਾਹੀਦਾ ਹੈ।
ਵੱਡੇ ਬਾਦਲ ਵੱਲੋਂ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ੍ਰੀ ਮਾਨ ਨੇ ਕਿਹਾ ਕਿ ਬਾਦਲ ਹੁਣ ਜਜ਼ਬਾਤੀ ਪੱਤਾ ਖੇਡਣ ਦਾ ਜਤਨ ਕਰ ਰਹੇ ਹਨ। ਇਹੋ ਪੱਤਾ ਉਨ੍ਹਾਂ 1980ਵਿਆਂ ਦੌਰਾਨ ਵੀ ਵਰਤਿਆ ਸੀ ਪਰ ਹੁਣ ਵਕਤ ਬਦਲ ਚੁੱਕਾ ਹੈ ਤੇ ਜੱਥੇਦਾਰ ਵੀ ਉਨ੍ਹਾਂ ਦੇ ਸਿਆਸੀ ਸਟੰਟਾਂ ਦੀ ਹਮਾਇਤ ਨਹੀਂ ਕਰਦੇ ਕਿਉਂਕਿ ਇਹ ਬਾਦਲਾਂ ਦਾ ਨਿਜੀ ਮਾਮਲਾ ਹੈ, ਸ਼੍ਰੋਮਣੀ ਅਕਾਲੀ ਦਲ ਦਾ ਨਹੀਂ।
ਸ੍ਰੀ ਮਾਨ ਨੇ ਸੁਖਬੀਰ ਸਿੰਘ ਬਾਦਲ ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚੋਂ ਗ਼ੈਰ–ਮੌਜੂਦਗੀ ਉੱਤੇ ਵੀ ਸੁਆਲ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਆਖ਼ਰ ਉਹ ਵਿਧਾਨ ਸਭਾ ਤੋਂ ਬਾਹਰ ਕਿਉਂ ਹਨ ਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਤੋਂ ਵੱਧ ਉਨ੍ਹਾਂ ਲਈ ਹੋਰ ਕਿਹੜਾ ਕੰਮ ਆਣ ਪਿਆ ਹੈ।