ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅਕਾਲੀ ਆਗੂਆਂ ਨਾਲ ਗੈਂਗਸਟਰਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ

ਅਕਾਲੀ ਆਗੂਆਂ ਵੱਲੋਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲਟਾ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਹੋਰਨਾਂ ਆਗੂਆਂ ਨਾਲ ਅਪਰਾਧੀਆਂ ਦੀਆਂ ਤਸਵੀਰਾਂ ਮੀਡੀਆ ਨੂੰ ਜਾਰੀ ਕਰ ਕੇ ਅਕਾਲੀ ਆਗੂਆਂ ਨੂੰ ਘੇਰ ਲਿਆ ਗਿਆ ਹੈ।

 

ਨਾਮੀ ਅਖਬਾਰ ਪੰਜਾਬੀ ਜਾਗਰਣ ਦੀ ਰਿਪੋਰਟ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਬਾਰੇ ਜਾਂਚ ਦੇ ਦਿੱਤੇ ਹੁਕਮਾਂ 'ਤੇ ਅਕਾਲੀਆਂ ਦੀਆਂ ਨੌਟੰਕੀਆਂ ਅੱਗੇ ਝੁਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਅਜਿਹੇ ਹੱਥਕੰਡਿਆਂ ਅੱਗੇ ਦੱਬਣ ਵਾਲੇ ਨਹੀਂ ਹਨ।

 

ਅਕਾਲੀ ਦਲ ਨੂੰ ਸਖ਼ਤ ਸ਼ਬਦਾਂ ਚ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖ਼ਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਸਪੱਸ਼ਟ ਰੂਪ ਚ ਦਰਸਾਉਂਦੀਆਂ ਤਸਵੀਰਾਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਡੀਜੀਪੀ ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਪੜਤਾਲ ਦੇ ਹੁਕਮ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਸੀ ਤੇ ਜੇਕਰ ਇਹ ਸਹੀ ਸਾਬਤ ਹੋ ਗਿਆ ਤਾਂ ਇਸ ਨਾਲ ਸੂਬੇ ਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਚ ਅਕਾਲੀਆਂ ਦੀ ਸ਼ਮੂਲੀਅਤ ਬੇਨਕਾਬ ਹੋ ਜਾਵੇਗੀ।

 

ਉਨ੍ਹਾਂ ਕਿਹਾ ਕਿ ਇਹ ਸਬੂਤ ਬਹੁਤ ਗੰਭੀਰ ਹਨ ਤੇ ਇਨ੍ਹਾਂ ਦੀ ਪੁਲਿਸ ਪੜਤਾਲ ਕਰਵਾਉਣ ਦੀ ਲੋੜ ਹੈ ਜਿਸ ਕਰਕੇ ਉਨ੍ਹਾਂ ਨੇ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਇਸ ਜਾਂਚ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

ਕੈਪਟਨ ਨੇ ਕਿਹਾ ਕਿ ਅਕਾਲੀ ਦਲ ਕੋਲ ਤਾਂ ਰੰਧਾਵਾ ਜਾਂ ਹੋਰ ਕਾਂਗਰਸੀ ਮੰਤਰੀਆਂ/ਆਗੂਆਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਹੋਣ ਦਾ ਕੋਈ ਸਬੂਤ ਨਹੀਂ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਅਕਾਲੀਆਂ ਖ਼ਿਲਾਫ਼ ਸਬੂਤ ਦਸਤਾਵੇਜ਼ੀ ਹਨ। ਉਨ੍ਹਾਂ ਕਿਹਾ ਕਿ ਜੇ ਜਾਂਚ ਵਿਚ ਅਜਿਹੀ ਗੰਢਤੁੱਪ ਦਾ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

 

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੂੰ ਪ੍ਰਾਪਤ ਹੋਈਆਂ ਤਸਵੀਰਾਂ ਚ ਹਰਜਿੰਦਰ ਸਿੰਘ ਬਿੱਟੂ ਉਰਫ਼ ਬਿੱਟੂ ਸਰਪੰਚ ਸੀਨੀਅਰ ਅਕਾਲੀ ਸਿਆਸਤਦਾਨਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸਨਮਾਨਿਤ ਕਰਦਾ ਨਜ਼ਰ ਆਉਂਦਾ ਹੈ। ਪੁਲਿਸ ਨੂੰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਿੱਟੂ ਦੀ ਤਲਵੰਡੀ ਸਾਬੋ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਵੀ ਕਥਿਤ ਨੇੜਤਾ ਹੈ।

 

ਡੀਜੀਪੀ ਦਿਨਕਰ ਗੁਪਤਾ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਜਾਂਚ ਕਰਨ ਦਾ ਜ਼ਿੰਮਾ ਸੌਂਪਿਆ ਹੈ ਨੇ ਦੱਸਿਆ ਕਿ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ, ਪੰਜਾਬ ਕੋਲ ਹਾਸਲ ਜਾਣਕਾਰੀ ਚ ਖ਼ੁਲਾਸਾ ਹੋਇਆ ਹੈ ਕਿ ਬੀਤੇ ਸਮੇਂ ਚ ਬਿੱਟੂ ਬਦਨਾਮ ਗੁਰਪ੍ਰੀਤ ਸੇਖੋਂ ਗੈਂਗ ਦੇ ਮੈਂਬਰਾਂ ਨੂੰ ਸ਼ਰਨ ਦਿਵਾਉਂਦਾ ਰਿਹਾ ਹੈ। ਗੁਪਤਾ ਅਨੁਸਾਰ ਬਿੱਟੂ ਨਸ਼ੇ, ਕਤਲ, ਡਕੈਤੀ, ਆਰਮਜ਼ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਕ ਮਾਮਲਿਆਂ ਚ ਨਾਮਜ਼ਦ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pictures of gangsters with Akali leaders released by Capt Amarinder