ਨਿਊਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ ਕਿ ਉਹ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਵਪਾਰ ਲਈ ਨਵੇਂ ਮੌਕੇ ਪ੍ਰਦਾਨ ਕੀਤੇ ਗਏ ਹਨ।
ਉਨ੍ਹਾਂ ਉਚੇਚੇ ਤੌਰ ’ਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਾਗੂ ਕੀਤੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਟਿਕਾਊ ਸਨੱਅਤੀ ਵਿਕਾਸ ਲਈ ਮੁਕੰਮਲ ਢਾਂਚਾ ਖੜਾ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਜਪਾਨ, ਤਾਈਵਾਨ, ਜਰਮਨੀ ਤੇ ਯੂ.ਏ.ਈ. ਦੀਆਂ ਕੌਮਾਂਤਰੀ ਕੰਪਨੀਆਂ ਵੱਲੋਂ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਜਿਸ ਨਾਲ ਸੂਬੇ ਦਾ ਉਦਯੋਗਿਕ ਵਿਕਾਸ ਤੇ ਆਰਥਿਕ ਤਰੱਕੀ ਹੋਰ ਵਧੇਗੀ।
ਮੁੱਖ ਮੰਤਰੀ ਨੇ ਸੈਨੇਟਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਆਏ ਉਚ ਪੱਧਰੀ ਵਫ਼ਦ ਦੇ ਹੋਰਨਾਂ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਵਿੱਚ ਨਵੇਂ ਉਦਮ ਸਥਾਪਤ ਕਰਨ ਦੇ ਚਾਹਵਾਨ ਅਮਰੀਕੀ ਉਦਯੋਗਪਤੀਆਂ ਨੂੰ ਇਕ ਵਾਰ ਪੰਜਾਬ ਦੇ ਫੇਰੀ ਪਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਉਹ ਪੰਜਾਬ ਆ ਕੇ ਇਥੇ ਨਿਵੇਸ਼ ਲਈ ਸੰਭਾਵਨਾਵਾਂ ਦੀ ਤਲਾਸ਼ ਕਰ ਸਕਦੇ ਹਨ ਜਿੱਥੇ ਕਿਫਾਇਤੀ ਜ਼ਮੀਨ ਮਿਲਣ ਤੋਂ ਇਲਾਵਾ ਹੁਨਰ ਭਰਪੂਰ ਮਨੁੱਖੀ ਸ਼ਕਤੀ ਵੀ ਮਿਲੇਗੀ।
ਮੁੱਖ ਮੰਤਰੀ ਨੇ ਵਫ਼ਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਉਲੀਕੇ ਵੱਡੇ ਪੱਧਰ ’ਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਪੱਤਰ ਦਿੱਤਾ।