ਅਗਲੇ ਸਾਲ ਨਵੰਬਰ `ਚ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਸ਼ਰਧਾਂਲੂਆਂ ਵਾਸਤੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁਲ੍ਹਵਾਉਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਸ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿੱਖ ਕੇ ਨਿੱਜੀ ਤੌਰ `ਤੇ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਪੱਤਰ ਲਿਖਕੇ ਮੰਗ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਨਿੱਜੀ ਦਖਲ ਦੇਣ।
ਉਨ੍ਹਾਂ ਮੰਗ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁਲ੍ਹਵਾਇਆ ਜਾ ਸਕੇ।
ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ।