ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ 8000 ਪਿੰਡਾਂ 'ਚ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਫ਼ੈਸਲਾ

 

ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ 8000 ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ।

 

ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਹੈ। ਇਨ੍ਹਾਂ ਵਿੱਚ ਉਹ ਪਿੰਡ ਸ਼ਾਮਲ ਹਨ ਜੋ ਰਵਾਇਤੀ ਤੌਰ 'ਤੇ ਪਰਾਲੀ ਸਾੜਦੇ ਹਨ। 

 

ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਵਾਸਤੇ ਜ਼ਮੀਨੀ ਪੱਧਰ 'ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਨੇ ਨਿਰਦੇਸ਼ ਦਿੱਤੇ ਹੋਏ ਹਨ।

 

ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਪ੍ਰਭਾਵਤ ਪਿੰਡਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕਰਨ ਵਾਸਤੇ ਆਖਿਆ ਗਿਆ ਹੈ ਤਾਂ ਜੋ ਪਰਾਲੀ ਸਾੜਨ ਦੇ ਨਾਲ ਵਾਤਾਵਰਣ ਅਤੇ ਸਿਹਤ ਨੂੰ ਹੋਣ ਵਾਲੇ ਖ਼ਤਰਨਾਕ ਨੁਕਸਾਨ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਨੋਡਲ ਅਫ਼ਸਰਾਂ ਨੂੰ ਝੋਨੇ ਦੀ ਵਢਾਈ ਤੋਂ ਬਾਅਦ ਸਖਤ ਚੌਕਸੀ ਵਰਤਣ ਦਾ ਕਾਰਜ ਸੌਂਪਿਆ ਗਿਆ ਹੈ।

 

ਸਕੱਤਰ ਨੇ ਦੱਸਿਆ ਕਿ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗਬਾਨੀ ਅਤੇ ਭੌਂ ਸੰਭਾਲ ਵਿਭਾਗ ਅਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਆਪਸੀ ਤਾਲਮੇਲ ਰਾਹੀਂ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਅਮਲ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨਗੇ। 

 

ਇਹ ਨੋਡਲ ਅਫ਼ਸਰ ਵੱਖ-ਵੱਖ ਸਰਗਰਮੀਆਂ ਕਰਨਗੇ ਜਿਨ੍ਹਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦਾ ਪ੍ਰਬੰਧ ਕਰਨਗੇ ਅਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਪੈਂਫਲੈਟ ਤੇ ਹੋਰ ਸਮੱਗਰੀ ਵੰਡਣਗੇ। 

 

ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਗੁਰਦੁਆਰਿਆਂ ਤੋਂ ਜਾਂ ਹੋਰ ਸਾਧਨਾਂ ਰਾਹੀਂ ਪਰਾਲੀ ਨਾ ਸਾੜਨ ਬਾਰੇ ਅਨਾਊਂਸਮੈਂਟਾਂ ਕਰਾਉਣਗੇ। ਇਨ੍ਹਾਂ ਨੋਡਲ ਅਫ਼ਸਰਾਂ ਨੂੰ ਰੈਲੀਆਂ ਅਤੇ ਜਾਗਰੂਕਤਾ ਲੈਕਚਰ ਕਰਾਉਣ ਵਾਸਤੇ ਪਿੰਡਾਂ ਦੇ ਸਕੂਲਾਂ ਦੇ ਨਾਲ ਸੰਪਰਕ ਕਰਨ ਦਾ ਕਾਰਜ ਸੌਂਪਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੀ ਪਰਾਲੀ ਸਾੜਨ ਦੇ ਮੁੱਦੇ 'ਤੇ ਸੰਵੇਦਨਸ਼ੀਲ ਬਣਾਇਆ ਜਾ ਸਕੇ ਅਤੇ ਉਹ ਆਪਣੇ ਮਾਪਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਆਖ ਸਕਣ ਅਤੇ ਇਸ ਨਾਲ ਪੈਂਦੇ ਮਾੜੇ ਪ੍ਰਭਾਵ ਬਾਰੇ ਆਪਣੇ ਮਾਪਿਆਂ ਨੂੰ ਜਾਗਰੂਕ ਕਰ ਸਕਣ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: punjab govt to depute nodal officers in 8000 villages to check stubble burning