ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।
ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਸ੍ਰੀ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਂਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿੱਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਸ਼ਕਿਲ ਭਰੇ ਵਿੱਤੀ ਹਾਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਵਿਅਕਤੀਗਤ ਅਤੇ ਸਮਾਜਿਕ ਪੱਧਰ 'ਤੇ ਕਰੋਨਾ ਦੀ ਰੋਕਥਾਮ ਲਈ ਤਿਆਰ ਰੱਖਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਕੋਵਿਡ-19 ਦੇ ਖਤਰੇ ਨਾਲ ਸਿੱਝਣ ਲਈ ਸਿਹਤ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁੜ ਵਿਉਂਤਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।