----ਗੈਰ ਕਾਨੂੰਨੀ ਮਾਈਨਿੰਗ ਦੇ ਜ਼ਮੀਨ ਮਾਲਕਾਂ ਖਿਲਾਫ ਵੀ ਹੋਵੇਗੀ ਕਾਨੂੰਨੀ ਕਾਰਵਾਈ----
ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ।
ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।
ਸਰਕਾਰੀਆ ਨੇ ਕਿਹਾ ਕਿ ਜਿਨ੍ਹਾਂ ਮਾਲਕਾਂ ਦੀਆਂ ਜ਼ਮੀਨਾਂ ਤੋਂ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਉਨ੍ਹਾਂ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਮੀਨ ਵਿਚੋਂ ਜਿੰਨੇ ਫੁੱਟ ਤੱਕ ਰੇਤ-ਬੱਜ਼ਰੀ ਕੱਢੀ ਗਈ ਹੈ ਉਸ ਹਿਸਾਬ ਨਾਲ ਰਿਕਵਰੀ ਕੀਤੀ ਜਾਵੇਗੀ ਅਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਖੱਡਾਂ ਦੀ ਸਰਕਾਰੀ ਤੌਰ 'ਤੇ ਨਿਲਾਮੀ ਕੀਤੀ ਗਈ ਹੈ ਸਿਰਫ ਉਨ੍ਹਾਂ ਖੱਡਾਂ ਵਿਚੋਂ ਹੀ ਤੈਅ ਸ਼ਰਤਾਂ ਅਤੇ ਨਿਯਮਾਂ ਅਨੁਸਾਰ ਖਣਨ ਕੀਤਾ ਜਾ ਸਕਦਾ ਹੈ। ਉਸ ਤੋਂ ਇਲਾਵਾ ਜੇਕਰ ਹੋਰ ਕਿਤੇ ਵੀ ਖਣਨ ਹੁੰਦਾ ਹੈ ਤਾਂ ਉਸ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ ਅਤੇ ਸਬੰਧਤ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਤਾੜਨਾ ਕੀਤੀ ਕਿ ਗੈਰ ਕਾਨੂੰਨੀ ਮਾਈਨਿੰਗ ਵਾਲੇ ਆਪਣਾ ਕੰਮ ਬੰਦ ਕਰਨ ਅਤੇ ਸਿਰਫ ਨਿਲਾਮ ਕੀਤੀਆਂ ਖੱਡਾਂ ਤੋਂ ਹੀ ਖਣਨ ਕਰਨ ਦੀ ਪ੍ਰਵਾਨਗੀ ਹੈ।
.