ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖੁਫੀਆ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਨੇ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲਿਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ 'ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ।
 

ਪੁਲਿਸ ਦੀ ਕਾਰਵਾਈ ਦਾ ਸਪੱਸ਼ਟ ਤੌਰ 'ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲਿਸ ਸਹਿਯੋਗ ਕਰਨ 'ਚ ਨਾਕਾਮ ਰਹਿੰਦੀ ਤਾਂ ਉਨ੍ਹਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।
 

ਬਜਟ ਪੇਸ਼ ਕਰਨ ਤੋਂ ਪਹਿਲਾਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲੀਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲਿਸ ਨੇ ਮਾਮਲੇ ਵਿੱਚ ਉਚਿਤ ਹੱਦਾਂ 'ਚ ਰਹਿ ਕੇ ਕਾਰਵਾਈ ਕੀਤੀ। ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।
 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਜ਼ਰੂਰਤ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਵਿਧੀ-ਵਿਧਾਨ ਮੁਤਾਬਕ ਜੇਕਰ ਪੁਲਿਸ ਫੋਰਸ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੁਲਿਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
 

ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਈ.ਬੀ. ਨੇ ਕੁਝ ਸ਼ੰਕੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁਝ ਸ਼ਰਧਾਲੂਆਂ ਦੀ ਜਾਣ-ਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਮਦਦ ਮੰਗੀ ਸੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਹੋ ਕੇ ਕੰਮ ਕਰਨਾ ਸੂਬੇ ਦੀ ਜ਼ਿੰਮੇਵਾਰੀ ਬਣਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Police had questioned some of the pilgrims on the request of IB Captain Amarinder Singh