ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਸਿੱਧੂ ਮੂਸੇਵਾਲਾ ਨੇ ਮੰਗੀ ਮਾਫ਼ੀ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗੀਤ 'ਜੱਟੀ ਜਿਉਣੇ ਮੌੜ ਵਰਗੀ' 'ਚ ਮਾਈ ਭਾਗੋ ਦਾ ਜ਼ਿਕਰ ਕਰਕੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਘਿਰੇ ਹੋਏ ਹਨ। ਸਿੱਧੂ ਮੂਸੇਵਾਲਾ ਵਿਰੁੱਧ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਮਾਫ਼ੀ ਦੀ ਮੰਗ ਕੀਤੀ ਗਈ ਸੀ। ਇਸੇ ਕਾਰਨ ਸਿੱਧੂ ਮੂਸੇਵਾਲਾ ਅੱਜ ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਮਾਫੀ ਮੰਗੀ।
 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸਿੱਧੂ ਮੂਸੇਵਾਲਾ ਨੇ ਆਪਣਾ ਲਿਖਤੀ ਮਾਫ਼ੀਨਾਮਾ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਪ੍ਰੋਗਰਾਮ 'ਚ ਗਲਤੀ ਨਾਲ ਉਨ੍ਹਾਂ ਦਾ ਗੀਤ ਮੁੜ ਚੱਲ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣਾ ਲਿਖਤੀ ਮਾਫ਼ੀਨਾਮਾ ਜੱਥੇਦਾਰ ਨੂੰ ਸੌਂਪਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਉਨ੍ਹਾਂ ਨੂੰ ਸਜ਼ਾ ਲਗਾਈ ਜਾਵੇਗੀ ਉਨ੍ਹਾਂ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗੀ।

 


 

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਜੱਥੇਦਾਰ ਅਕਾਲ ਤਖਤ ਨੂੰ ਮਿਲਣ ਆਏ ਸਨ, ਪਰ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ ਸੀ। ਸਿੱਧੂ ਮੂਸੇਵਾਲਾ ਨੂੰ ਅਕਾਲ ਤਖਤ 'ਤੇ ਤਲਬ ਕੀਤਾ ਗਿਆ ਸੀ।
 

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ 'ਤੇ ਛਿੜੇ ਵਿਵਾਦ ਲਈ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵੀ ਮਾਫੀ ਮੰਗੀ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਮਾਫੀਨਾਮਾ ਵੀ ਲਿਖਿਆ ਸੀ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਲਿਖੇ ਮਾਫੀਨਾਮੇ 'ਚ ਲਿਖਿਆ ਸੀ, ''ਮੈਂ ਨਿਮਾਣਾ ਸੇਵਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਪੁੱਤਰ ਬਲਕੌਰ ਸਿੰਘ ਪਿੰਡ ਮੂਸਾ ਜ਼ਿਲ੍ਹਾ ਮਾਨਸਾ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਮੇਰੇ ਵਲੋਂ ਪਿਛਲੇ ਦਿਨੀਂ ਇਕ ਗੀਤ ਗਾਇਆ ਗਿਆ ਸੀ। ਜਿਸ 'ਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਗਿਆ ਸੀ। ਮੈਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਜ਼ਿਕਰ ਨਾਲ ਸਾਡੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੈਂ ਗੁਰੂ ਦਾ ਨਿਮਾਣਾ ਸੇਵਕ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ ਜੀ 'ਚ ਅਥਾਹ ਵਿਸ਼ਵਾਸ ਰੱਖਦਾ ਹਾਂ। ਮੇਰੇ ਵਲੋਂ ਅਣਜਾਣੇ 'ਚ ਹੋਈ ਇਸ ਭੁੱਲ ਲਈ ਮੈਂ ਸਿਰ ਝੁਕਾ ਕੇ ਮਾਫੀ ਮੰਗਦਾ ਹਾਂ ਤੇ ਇਸ ਗੱਲ ਦਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabi singer Sidhu MooseWala gives written apology to jathedar Sri Akal Takht Sahib