ਅਗਲੀ ਕਹਾਣੀ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਨਾ ਬਦਲਣਾ ‘ਮੰਦਭਾਗਾ’: ਸੁਖਬੀਰ ਬਾਦਲ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਨਾ ਬਦਲਣਾ ‘ਮੰਦਭਾਗਾ’: ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਨਾ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ‘ਮੰਦਭਾਗਾ’ ਘਟਨਾਕ੍ਰਮ ਦੱਸਿਆ ਹੈ। ‘ਹਿੰਦੁਸਤਾਨ ਟਾਈਮਜ਼’ ਨਾਲ ਗੱਲਬਾਤ ਦੌਰਾਨ ਛੋਟੇ ਬਾਦਲ ਨੇ ਕਿਹਾ ਕਿ ਜੇ ਇਹ ਸੱਚ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਕੰਮਲ ਹੋ ਚੁੱਕੀ ਹੈ।

 

 

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਸੀ ਕਿ ਬੱਬਰ ਖ਼ਾਲਸਾ ਕਾਰਕੁੰਨ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਚੇਤੇ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ ’ਚ ਅਜਿਹੀਆਂ ਕੁਝ ਖ਼ਬਰਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਈਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ‘ਕਾਤਲ’ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ।

 

 

ਦਰਅਸਲ, ਇਸ ਸਬੰਧੀ ਸੁਆਲ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸੁਆਲ ਕੀਤਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲ ਕਿਉਂ ਕੀਤੀ ਗਈ ਹੈ।

 

 

ਤਦ ਸ੍ਰੀ ਅਮਿਤ ਸ਼ਾਹ ਨੇ ਸ੍ਰੀ ਬਿੱਟੂ ਸਮੇਤ ਸਮੁੱਚੇ ਸਦਨ ਨੂੰ ਹਿੰਦੀ ’ਚ ਜਵਾਬ ਦਿੱਤਾ ਕਿ ਮੀਡੀਆ ਰਿਪੋਰਟਾਂ ’ਤੇ ਯਕੀਨ ਨਾ ਕਰੋ। ਕੋਈ ਮਾਫ਼ੀ ਨਹੀਂ ਦਿੱਤੀ ਗਈ ਹੈ।

 

 

ਪਿਛਲੇ ਮਹੀਨੇ ਦੀਆਂ ਮੀਡੀਆ ਰਿਪੋਰਟਾਂ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਗਈ ਹੈ।

 

 

52 ਸਾਲਾ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਹਨ ਤੇ ਬੇਅੰਤ ਸਿੰਘ ਕਤਲ ਕੇਸ ਵਿੱਚ ਉਹ ਮੁੱਖ ਦੋਸ਼ੀ ਹਨ। ਰਾਜੋਆਣਾ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਹੁੰਦੇ ਸਨ ਤੇ ਸੀਬੀਆਈ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਉਨ੍ਹਾਂ ਨੂੰ 1 ਅਗਸਤ, 2007 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ 31 ਮਾਰਚ, 2012 ਨੂੰ ਫਾਂਸੀ ਦੇਣ ਤੱਕ ਦੇ ਹੁਕਮ ਜਾਰੀ ਹੋ ਗਏ ਸਨ।

 

 

ਜਦੋਂ ਬੀਤੇ ਸਤੰਬਰ ਮਹੀਨੇ ਹਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਸਨ, ਤਦ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰ ਦਿੱਤੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajoana s Death Sentence not commuted it is unfortunate says Sukhbir Badal