ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਭਲਕੇ 13 ਨਵੰਬਰ 2018 ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ 6 ਸਿੰਘ ਸਾਹਿਬਾਨ ਵੀ ਬਤੌਰ ਮੈਂਬਰ ਸ਼ਾਮਲ ਹੁੰਦੇ ਹਨ।
ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 9 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਜਦਕਿ 2 ਮੈਂਬਰਾਂ ਸ. ਸੁੱਚਾ ਸਿੰਘ ਲੰਗਾਹ ਤੇ ਸ. ਸ਼ਰਨਜੀਤ ਸਿੰਘ ਵੱਲੋਂ ਅਸਤੀਫ਼ਾ ਦਿੱਤਾ ਜਾ ਚੁੱਕਾ ਹੈ।