ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਸਾਲ 2015 ਦੌਰਾਨ ਵਾਪਰੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT - Special Investigation Team) ਨੇ ਕੱਲ੍ਹ ਬਾਲੀਵੁੱਡ ਦੇ ਅਦਾਕਾਰ ਅਕਸ਼ੇ ਕੁਮਾਰ ਤੇ ਬਾਦਲ ਪਰਿਵਾਰ ਨੂੰ ਪੇਸ਼ ਹੋਣ ਲਈ ਆਖਿਆ ਹੈ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 2015 `ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੇਣ ਤੇ ਫਿਰ ਉਹ ਮਾਫ਼ੀ ਵਾਪਸ ਲੈਣ ਦਾ ਮੁੱਦਾ ਪੰਜਾਬ ਦੀ ਸਿਆਸਤ `ਚ ਭਖਿਆ ਹੋਇਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣ ਤੋਂ ਬਾਅਦ ਐਸ.ਆਈ.ਟੀ. ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜਿਆ ਜਾਣ ਵਾਲ ਸੰਮਨ SIT ਨੇ ਕੈਪਟਨ ਅਮਰਿੰਦਰ ਸਿੰਘ ਦੇ ਪਤੇ ਉੱਤੇ ਭੇਜ ਦਿੱਤਾ। ਇਹ ਸੰਮਨ ਹਾਊਸ ਨੰਬਰ 45 ਸੈਕਟਰ 2, ਚੰਡੀਗੜ੍ਹ ਵਿਖੇ ਭੇਜਿਆ ਗਿਆ, ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਹੈ।
ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਸੁਰੱਖਿਆ ਕਰਮਚਾਰੀ ਇਹ ਸੰਮਨ ਹਾਸਿਲ ਕਰਨਗੇ ਤੇ ਫਿਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸੌਂਪ ਦੇਣਗੇ।