ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ (ਐਸਆਈਟੀ) 2 ਅਪ੍ਰੈਲ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਰੋਹਤਕ ਦੀ ਸਨਾਰੀਆ ਜੇਲ੍ਹ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਡੇਰਾ ਮੁੱਖੀ ਤੋਂ ਮੁਆਫੀਨਾਮੇ ਨਾਲ ਜੁੜੇ ਸਵਾਲ ਪੁੱਛੇਗੀ।
ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁੱਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਪੰਚਕੂਲਾ ਸਥਿਤ ਸੀਬੀਆਈ ਦੀ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਮਾਮਲੇ ਵਿਚ 25 ਅਗਸਤ 2017 ਨੂੰ ਸਜ਼ਾ ਸੁਣਾਈ ਸੀ।
ਐਸਆਈਟੀ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਡੇਰਾ ਸੱਚਾ ਸੌਦਾ ਦੇ ਮੁੱਖੀ ਤੋਂ ਪੁੱਛਗਿੱਛ ਕਰਨ ਸਬੰਧੀ ਆਗਿਆ ਮੰਗੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨਗੀ ਦੇ ਦਿੱਤੀ ਸੀ।
ਇੱਥੇ ਵਰਨਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕੁਝ ਡੇਰਾ ਸ਼ਰਧਾਲੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਜੋੜਿਆ ਗਿਆ ਹੈ।
ਇਸ ਤੋਂ ਇਲਾਵਾ ਇਹੋ SIT ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਦੀ ਵੀ ਜਾਂਚ ਕਰ ਰਹੀ ਹੈ। ਦਰਅਸਲ, ਡੇਰਾ ਮੁਖੀ ਆਪਣੀ ਫ਼ਿਲਮ ਪੰਜਾਬ ਵਿੱਚ ਰਿਲੀਜ਼ ਕਰਵਾਉਣਾ ਚਾਹੁੰਦਾ ਸੀ ਤੇ ਪਹਿਲਾਂ ਉਸ ਨੂੰ ਕਥਿਤ ਤੌਰ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿੱਤੀ ਗਈ। ਇਸ ਮਾਮਲੇ ਵਿੱਚ ਅਕਸ਼ੇ ਕੁਮਾਰ ਦੀ ਭੂਮਿਕਾ ਵੀ ਮੰਨੀ ਜਾਂਦੀ ਹੈ। ਇਹ ਸਮਝਿਆ ਜਾਂਦਾ ਹੈ ਕਿ ਅਕਸ਼ੇ ਕੁਮਾਰ ਨੇ ਕਥਿਤ ਤੌਰ ਉੱਤੇ ਸੁਖਬੀਰ ਬਾਦਲ ਅਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਕਰਵਾਈ ਸੀ।
ਇਸੇ ਲਈ SIT ਪਹਿਲਾਂ ਅਕਸ਼ੇ ਕੁਮਾਰ, ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।