ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਂਵੇ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖ੍ਰੀਦ ਦੀ ਪ੍ਰਕ੍ਰਿਆ ਚੱਲ ਰਹੇ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ ਉਮੀਦ ਹੈ।
ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।