ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਵੀ ਪੈਦਾ ਕੀਤੇ ਜਾ ਸਕਣਗੇ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ 'ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਸਨਅਤਾਂ ਦੀ ਮਜ਼ਬੂਤੀ ਲਈ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਸਹਾਇਤਾ ਸਬਸਿਡੀ ਦੇ ਰੂਪ 'ਚ ਕੀਤੀ ਜਾਵੇਗੀ।
ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਹ ਮਕਸਦ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਹਾਲਤ ਵਾਲੀਆਂ ਸਧਾਰਨ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਣ ਲਈ 7 ਕਰੋੜ ਰੁਪਏ ਦੀ ਰਾਸ਼ੀ ਜਲਦ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਉਦਯੋਗਿਕ ਇਕਾਈਆਂ ਸਬਸਿਡੀ ਦੀ ਰਾਸ਼ੀ ਲਈ ਆਪਣੇ ਆਪ ਨੂੰ ਯੋਗ ਸਮਝਦੀਆਂ ਹਨ, ਉਹ ਉਦਯੋਗ ਵਿਭਾਗ ਦੀ ਈਮੇਲ br.incentive0gmail.com 'ਤੇ ਆਪਣੀ ਪ੍ਰਤੀ ਬੇਨਤੀ ਸਮੇਤ ਦਸਤਾਵੇਜ ਭੇਜ ਸਕਦੀਆਂ ਹਨ।
ਸ੍ਰੀ ਅਰੋੜਾ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਸਰਕਾਰ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਜਿਹੜੀਆਂ ਇਕਾਈਆਂ ਕਿਸੇ ਕਾਰਨ ਬੰਦ ਹੋ ਚੁੱਕੀਆਂ ਹਨ ਅਤੇ ਆਪਣੇ ਮੁਢਲੇ ਸਥਾਨ ਤੋਂ ਤਬਦੀਲ ਹੋ ਚੁੱਕੀਆਂ ਹਨ ਜਾਂ ਕਿਸੇ ਕਾਰਨ ਵਿਕ ਚੁੱਕੀਆਂ ਹਨ, ਪਰਿਵਾਰਕ ਝਗੜੇ ਜਾਂ ਕਿਸੇ ਹੋਰ ਕਾਰਨ ਉਨ੍ਹਾਂ ਦੀ ਮੈਨੇਜਮੈਂਟ ਵਿੱਚ ਕੋਈ ਤਬਦੀਲੀ ਹੋਈ ਹੈ, ਜੇਕਰ ਅਜਿਹੀਆਂ ਇਕਾਈਆਂ ਦੇ ਸੰਵਿਧਾਨ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ ਅਤੇ ਉਨ੍ਹਾਂ ਦਾ ਬੈਂਕ ਖਾਤਾ ਉਸੇ ਤਰੀਕੇ ਨਾਲ ਚੱਲ ਰਿਹਾ ਹੈ ਤਾਂ ਵੀ ਅਜਿਹੀਆਂ ਇਕਾਈਆਂ ਵੀ ਸਬਸਿਡੀ ਲਈ ਹੱਕਦਾਰ ਹਨ।