ਅਗਲੀ ਕਹਾਣੀ

ਸੁਖਬੀਰ ਬਾਦਲ ਨੇ ਰਾਹੁਲ ਗਾਂਧੀ ਦੀ ਚੁੱਪੀ `ਤੇ ਉਠਾਏ ਸੁਆਲ

--  ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ਦੇ ਮੁੱਖ ਚਸ਼ਮਦੀਦ ਗਵਾਹਾਂ ਤੇ ਵਕੀਲਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ 26 ਦਸੰਬਰ ਨੂੰ ਸਨਮਾਨਿਤ ਕਰੇਗੀ ਸ਼੍ਰੋਮਣੀ ਕਮੇਟੀ

 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਮੁੱਦੇ `ਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਚੁੱਪੀ `ਤੇ ਸੁਆਲ ਉਠਾਏ ਹਨ।

 

ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੂੰ ਹੁਣ ਦੁਨੀਆ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਜਗਦੀਸ਼ ਟਾਈਟਲਰ ਨੂੰ ਕਾਂਗਰਸ `ਚੋਂ ਕਦੋਂ ਕੱਢਣਗੇ ਅਤੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕਦੋਂ ਹਟਾਉਣਗੇ ਕਿਉਂਕਿ ਉਹ ਦੋਵੇਂ ਹੀ ਨਵੰਬਰ 1984 ਸਿੱਖ ਕਤਲੇਆਮ ਦੇ ਮਾਮਲੇ `ਚ ਮੁਲਜ਼ਮ ਹਨ। ਸ੍ਰੀ ਸੁਖਬੀਰ ਬਾਦਲ ਨੇ ਸੁਆਲ ਕੀਤਾ ਕਿ ਕੀ ਉਹ ਅਜਿਹਾ ਕਦਮ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਚੁੱਕਣਗੇ।

 

ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਰਾਹੁਲ ਗਾਂਧੀ ਅਸਲ `ਚ ਸਿੱਖ ਕਤਲੇਆਮ ਦੇ ਸਾਜਿ਼ਸ਼-ਘਾੜਿਆਂ ਵਿਰੁੱਧ ਕੋਈ ਕਾਰਵਾਈ ਕਰਨ ਤੋਂ ਡਰਦੇ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ‘ਜੇ ਉਨ੍ਹਾਂ ਅਜਿਹੇ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਕੀਤੀ, ਤਾਂ ਉਹ ਅਜਿਹਾ ਸਾਰਾ ਭੇਤ ਖੋਲ੍ਹ ਦੇਣਗੇ ਕਿ ਦਿੱਲੀ ਦੀਆਂ ਸੜਕਾਂ `ਤੇ ਸਿੱਖਾਂ ਦੇ ਕਤਲੇਆਮ ਦੀ ਨਿਗਰਾਨੀ ਉਸ ਦੇ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਕਿਵੇਂ ਕੀਤੀ।`

 

ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਸਾਲ 2014 ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਕਾਸ਼ ਸਿੰਘ ਬਾਦਲ ਹੁਰਾਂਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਬੇਨਤੀ ਕੀਤੀ ਸੀ ਕਿ ਉਹ 1984 ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਦੀਆਂ ਬੰਦ ਪਈਆਂ ਫ਼ਾਈਲਾਂ ਮੁੜ ਖੁਲ੍ਹਵਾਉਣ। ਤਦ ਜਾ ਕੇ ਇਹ ਮਾਮਲੇ ਮੁੜ ਖੁੱਲ੍ਹੇ ਤੇ ਸੱਜਣ ਕੁਮਾਰ ਨੂੰ ਸਜ਼ਾ ਸੰਭਵ ਹੋਈ। ਉਨ੍ਹਾਂ ਕਿਹਾ ਕਿ ਇਸ ਲਈ ਉਹ ਪ੍ਰਧਾਨ ਮੰਤਰੀ ਦੇ ਸ਼ੁਕਰਗੁਜ਼ਾਰ ਹਨ। ਸ੍ਰੀ ਸੁਖਬੀਰ ਬਾਦਲ ਨੇ ਨਿਆਂਪਾਲਿਕਾ ਦਾ ਵੀ ਧੰਨਵਾਦ ਕੀਤਾ।

 

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਸੱਜਣ ਕੁਮਾਰ ਨਾਲ ਸਬੰਧਤ ਮਾਮਲੇ ਦੇ ਮੁੱਖ ਚਸ਼ਮਦੀਦ ਗਵਾਹਾਂ ਜਗਦੀਸ਼ ਕੌਰ, ਨਿਰਪ੍ਰੀਤ ਕੌਰ ਤੇ ਜਗਸੀਰ ਸਿੰਘ, ਸੀਨੀਅਰ ਵਕੀਲਾਂ ਐੱਚਐੱਸ ਫੂਲਕਾ, ਆਰਐੱਸ ਚੀਮਾ ਅਤੇ ਗੁਰਬਖ਼ਸ਼ ਸਿੰਘ ਨੂੰ ਆਉਂਦੀ 26 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸਨਮਾਨਿਤ ਕੀਤਾ ਜਾਵੇਗਾ।

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal questions the silence of Rahul Gandhi