ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਇਸੇ ਸਬੰਧ ਵਿੱਚ ਬੀਤੇ ਦਿਨੀਂ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰੰਭ ਹੋਇਆ ਸੀ, ਜਿਸ ਦਾ ਭੋਗ ਸਨਿੱਚਰਵਾਰ ਨੂੰ ਪੈਣਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਲਗਭਗ ਸਾਰੇ ਮੁੱਖ ਆਗੂ ਮੌਜੂਦ ਸਨ।

ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਅੱਜ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਦੀ ਸੇਵਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ।
ਇਸ ਤੋਂ ਪਹਿਲਾਂ ਅੱਜ ਸਵੇਰੇ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।