ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਓਟ ਕਲੀਨਿਕਾਂ ਤੋਂ ਸ਼ੁਰੂ ਹੋਣ ਲੱਗੀ ‘ਟੇਕ ਹੋਮ ਡੋਜ਼’ ਸਰਵਿਸ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਓ.ਓ.ਏ.ਟੀ. (ਆਉਟਪੇਸ਼ੈਂਟ ਓਪੀਆਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਅਤੇ ਸਰਕਾਰੀ ਨਸ਼ਾ-ਛੁਡਾਊ ਕੇਂਦਰਾਂ ਵਿੱਚ ਇਲਾਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਸੂਬਾ ਸਰਕਾਰ ‘ਟੇਕ ਹੋਮ ਡੋਜ਼’ ਸਰਵਿਸ ਦੀ ਸ਼ੁਰੂਆਤ ਕਰਨ ਲਈ ਪੂਰੀ ਤਰਾਂ ਤਿਆਰ ਹੈ ਜੋ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਬਿਲਕੁਲ ਮੁਫ਼ਤ ਹੈ।

 

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 35 ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ 181 ਓ.ਓ.ਏ.ਟੀ. ਕਲੀਨਿਕ ਚਲਾਏ ਜਾ ਰਹੇ ਹਨ ਜਿਨਾਂ ਵਿੱਚ ਸੂਬੇ ਭਰ ਦੇ 1,00,000 ਤੋਂ ਵੱਧ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਸਬੰਧੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

 

ਉਨਾਂ ਕਿਹਾ ਇਹ ਵੇਖਣ ਵਿੱਚ ਆਇਆ ਹੈ ਕਿ ਡੇਢ ਸਾਲ ਦੇ ਮੁਕੰਮਲ ਇਲਾਜ ਦੇ ਕੋਰਸ ਲਈ ਕਈ ਮਰੀਜ਼ਾਂ ਨੂੰ ਰੋਜ਼ਾਨਾ ਇਲਾਜ ਲਈ ਓ.ਓ.ਏ.ਟੀ. ਕਲੀਨਿਕਾਂ ਵਿੱਚ ਆਉਣਾ ਕਾਫ਼ੀ ਮੁਸ਼ਕਿਲ ਹੁੰਦਾ ਹੈ। ਇਸ ਨਾਲ ਨਸ਼ਾ ਛੁਡਾਊ ਪ੍ਰੋਗਰਾਮਾਂ ਅਧੀਨ ਚਲਾਈਆਂ ਸਹੂਲਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ।

 

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਰੋਜ਼ਾਨਾ 500 ਤੋਂ 600 ਮਰੀਜ਼ ਓ.ਓ.ਏ.ਟੀ. ਕਲੀਨਿਕਾਂ ਵਿਖੇ ਇਲਾਜ ਲਈ ਆਉਂਦੇ ਹਨ ਅਤੇ ਟੇਕ ਹੋਮ ਡੋਜ਼ ਦੀ ਵਿਵਸਥਾ ਉਪਲੱਬਧ ਨਾ ਹੋਣ ਕਰਕੇ ਜ਼ਿਆਦਾਤਰ ਮਰੀਜ਼ ਇਲਾਜ ਲਈ ਇੱਥੇ ਆਉਣਾ ਛੱਡ ਦਿੰਦੇ ਹਨ। ਇਹਨਾਂ ਸਾਰੇ ਤੱਥਾਂ ਦੇ ਸਮੀਖਿਆ ਕਰਨ ਉਪਰੰਤ ਓ.ਓ.ਏ.ਟੀ. ਕਲੀਨਿਕਾਂ ਵਿਖੇ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਨਸ਼ਾ-ਛੁਡਾਊ ਪੋ੍ਰਗਰਾਮ ਅਧੀਨ ਬੁਪਰੀਨੌਰਫਿਨ-ਨਾਲੌਕਸੋਨ ਦੀ ਟੇਕ ਹੋਮ ਡੋਜ਼ ਸਰਵਿਸ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

 

ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿੱਚ ਨਸ਼ਾ ਛੁਡਾਉਣ ਦੇ ਇਲਾਜ ਲਈ ਬੁਪਰੀਨੌਰਫਿਨ-ਨਾਲੌਕਸੋਨ ਦਵਾਈ ਦੀ ਵਰਤੋਂ ਵੱਡੇ ਪੱਧਰ ’ਤੇ ਹੁੰਦੀ ਹੈ ਜਿਸ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਪ੍ਰਵਾਨਿਤ ਵੀ ਕੀਤਾ ਗਿਆ ਹੈ।

 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰੀ ਸੰਸਥਾਵਾਂ ਤੋਂ ਇਲਾਵਾ ਨਿਜੀ ਮਨੋਰੋਗ ਚਿਕਿਤਸਕ ਕਲੀਨਿਕਾਂ ਨੂੰ ਵੀ ਜਲਦ ਹੀ ਟੇਕ ਹੋਮ ਡੋਜ਼ ਸਰਵਿਸ ਮੁਹੱਈਆ ਕਰਵਾਉਣ ਦੀ ਆਗਿਆ ਦੇ ਦਿੱਤੀ ਜਾਵੇਗੀ। ਇਸ ਪ੍ਰਕਿਰਿਆ ਲਈ ਨਿਜੀ ਮਨੋਰੋਗ ਚਿਕਿਤਸਕ ਕਲੀਨਿਕਾਂ ਨੂੰ ਓ.ਓ.ਏ.ਟੀ. ਕਲੀਨਿਕਾਂ ਦੇ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ’ਤੇ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ।

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Take home dose service started from OOAT Clinics clinics in Punjab