ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ।
ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ। ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ।
ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ 'ਪ੍ਰਕਾਸ਼ ਪੁਰਬ ਤਗਮੇ (ਮੈਡਲ)' ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ 2020 ਤੱਕ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ 'ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।
ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਤੋਂ ਧਾਰਮਿਕ ਉਤਸ਼ਾਹ ਅਤੇ ਪੂਰੇ ਜਾਹੋ-ਜਲਾਲ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ। ਇੱਥੇ 'ਗੁਰੂ ਨਾਨਕ ਦਰਬਾਰ ਪੰਡਾਲ' ਵਿਖੇ ਪੰਜਾਬ ਦੇ ਲੋਕਾਂ ਦੀ ਤਰਫੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਪੰਜਾਬ ਸਰਕਾਰ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਕਰਵਾਇਆ ਗਿਆ ਸੀ।
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਸ੍ਰੀ ਮੋਦੀ ਕੋਲ ਪਹੁੰਚ ਕਰਨਗੇ।
ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਲਈ ਸਾਲ ਤੋਂ ਵੀ ਵੱਧ ਸਮੇਂ ਤੋਂ ਕੰਮ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ, ਇੰਜੀਨੀਅਰਾਂ, ਕਾਮਿਆਂ ਅਤੇ ਹੋਰਨਾਂ ਨੂੰ ਕਾਮਯਾਬੀ ਲਈ ਵਧਾਈ ਦਿੱਤੀ।
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ 'ਤੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ, ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਉਨ੍ਹਾਂ ਪਹਿਲੀ ਪਾਤਸ਼ਾਹੀ ਨੂੰ ਸਾਂਝੀ ਧਰੋਹਰ ਦੱਸਿਆ ਜਿਹੜੇ ਹਰੇਕ ਦੇ ਸਰਬ ਸਾਂਝੇ ਗੁਰੂ ਹਨ। ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਆਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ।
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਤ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ।