ਪੰਜਾਬ ਵਿਚ ਸੂਬਾ ਸਰਕਾਰ ਦੀਆਂ ਨੌਕਰੀਆਂ ਵਿਚ ਜਨਰਲ ਵਰਗ ਦੇ ਆਰਥਿਕ ਤੌਰ ਉਤੇ ਕਮਜੋਰ ਵਰਗ (ਈਡਬਲਿਊਐਸ) ਦੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਮਿਲੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਨ ਦਾ ਫੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ।
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵੱਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ।
ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ ਅਤੇ ਜਿਨ੍ਹਾਂ ਦੇ ਪਰਿਵਾਰ ਦੀ ਕੁਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ।
ਬਿਨੈ ਕਰਨ ਵਾਲੇ ਵਿਅਕਤੀ ਦੇ ਨਾਲ ਉਸਦੇ ਮਾਤਾ–ਪਿਤਾ, 18 ਸਾਲ ਤੋਂ ਘੱਟ ਉਮਰ ਦੇ ਭਾਈ–ਭੈਣ, ਪਤੀ ਅਤੇ ਨਾਬਾਲਗ ਬੱਚਿਆਂ ਨੂੰ ਪਰਿਵਾਰ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ ਅਤੇ ਸਾਰੇ ਸਰੋਤਾਂ ਤੋਂ ਕੁਲ ਆਮਦਨ ਦੀ ਜਾਂਚ ਕੀਤੀ ਜਾਵੇਗੀ। ਇਸ ਦਾ ਲਾਭ ਉਨ੍ਹਾਂ ਵਿਅਕਤੀਆਂ ਨੂੰ ਮਿਲੇਗਾ ਜਿੰਨਾਂ ਦੀ ਖੇਤੀ, ਨੌਕਰੀ, ਵਪਾਰ ਅਤੇ ਹੋਰ ਸਾਧਨਾਂ ਤੋਂ ਪਰਿਵਾਰ ਦੀ ਕੁਲ ਆਮਦਨ 8 ਲੱਖ ਰੁਪਏ ਤੋਂ ਘੱਟ ਹੋਵੇ।
ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ 1 ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਲੈ ਸਕਣਗੇ।