ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਮੁਲਾਕਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ।
ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਾ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਯਤਨ ਆਰੰਭੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੀ ਜ਼ੁੰਮੇਵਾਰੀ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ ਅਤੇ ਸਾਰੀਆਂ ਧਿਰਾਂ ਇਕਜੁਟਤਾ ਨਾਲ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਯੋਗਦਾਨ ਪਾਉਣਗੀਆਂ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਸਾਰੇ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੌਮੀ ਇਕਜੁਟਤਾ ਨਾਲ ਹੀ ਹੋਣਗੇ।
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਕੈਬਿਨੇਟ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ ਉੱਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।