ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿੱਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਮੋਬਾਈਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1690 ਜੀਆਂ ਵਾਲੇ 389 ਪਰਿਵਾਰਾਂ ਦੀ ਦੇਖਭਾਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਮੋਬਾਈਲ ਟੀਮਾਂ ਵੱਲੋਂ ਹੋਰ 665 ਮਰੀਜ਼ਾਂ ਨੂੰ ਓ.ਪੀ.ਡੀ. ਵਿਖੇ ਇਲਾਜ ਮੁਹੱਈਆ ਕਰਵਾਇਆ ਗਿਆ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 4600 ਵਿਅਕਤੀ ਮੈਡੀਕਲ ਕੈਂਪਾਂ ਵਿੱਚ ਜਾ ਚੁੱਕੇ ਹਨ। ਲਗਭਗ 31 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ।
ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਯਤਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਮਾਓ ਸਾਹਿਬ ਅਤੇ ਮਿਓਵਾਲ ਵਿਖੇ ਸਤਲੁਜ ਦਰਿਆ ਵਿੱਚ ਦੋ ਵੱਡੇ ਪਾੜ ਪੂਰ ਦਿੱਤੇ ਹਨ ਜਦਕਿ ਫਿਲੌਰ ਦੇ ਪਿੰਡ ਭੋਵਾਹਾਰੀ ਸੇਲਕਿਆਨਾ ਅਤੇ ਸ਼ਾਹਕੋਟ ਵਿੱਚ ਪਿੰਡ ਜਾਨੀਆਂ ਚਾਹਲ ਵਿਖੇ ਪਏ ਹੋਰ ਪਾੜ ਪੂਰੇ ਜਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।
ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।
.